ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਸਭ ਤੋਂ ਵੱਡੀ ਤਰਜੀਹ ਦਿੰਦਿਆਂ ਪੰਜਾਬ ਸਰਕਾਰ ਨੇ ‘ਸੇਫ ਸਕੂਲ ਵਾਹਨ ਪਾਲਿਸੀ’ ਨੂੰ ਹੋਰ ਸਖ਼ਤੀ ਨਾਲ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ Baljit Kaur ਨੇ ਕਿਹਾ ਕਿ ਮੁੱਖ ਮੰਤਰੀ Bhagwant Mann ਦੀ ਅਗਵਾਈ ਵਾਲੀ ਸਰਕਾਰ ਦਾ ਟੀਚਾ ਹਰ ਬੱਚੇ ਲਈ ਸਕੂਲ ਆਉਣ-ਜਾਣ ਦਾ ਸਫ਼ਰ ਪੂਰੀ ਤਰ੍ਹਾਂ ਸੁਰੱਖਿਅਤ ਬਣਾਉਣਾ ਹੈ।
ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿੱਤੀ ਸਾਲ 2026-27 ਦੇ ਅਪ੍ਰੈਲ ਅਤੇ ਮਈ ਮਹੀਨਿਆਂ ਦੌਰਾਨ ਸੂਬੇ ਭਰ ਵਿੱਚ 1,842 ਸਕੂਲੀ ਬੱਸਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 526 ਬੱਸਾਂ ਦੇ ਚਲਾਨ ਕੀਤੇ ਗਏ, ਜਦਕਿ ਗੰਭੀਰ ਲਾਪਰਵਾਹੀ ਮਿਲਣ ‘ਤੇ 3 ਬੱਸਾਂ ਨੂੰ ਮੌਕੇ ‘ਤੇ ਹੀ ਜ਼ਬਤ (ਇੰਪਾਊਂਡ) ਕਰ ਦਿੱਤਾ ਗਿਆ।
ਡਾ. ਬਲਜੀਤ ਕੌਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਕੂਲੀ ਵਾਹਨਾਂ ਦੀ ਨਿਯਮਿਤ ਜਾਂਚ ਜਾਰੀ ਹੈ। ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਜੁਲਾਈ ਵਿੱਚ ਸਕੂਲ ਮੁੜ ਖੁੱਲ੍ਹਣ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਇਸ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ, ਤਾਂ ਜੋ ਹਰ ਸਕੂਲ ਵਾਹਨ ਸੁਰੱਖਿਆ ਮਾਪਦੰਡਾਂ ‘ਤੇ ਖਰਾ ਉਤਰਦਾ ਹੋਵੇ।
ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਦੇ ਮਾਮਲੇ ਵਿੱਚ ‘ਜ਼ੀਰੋ ਟਾਲਰੈਂਸ’ ਦੀ ਨੀਤੀ ਅਪਣਾਈ ਹੈ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਪਾਲਿਸੀ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।
ਮੰਤਰੀ ਨੇ ਸਕੂਲ ਪ੍ਰਬੰਧਕਾਂ, ਟਰਾਂਸਪੋਰਟ ਆਪਰੇਟਰਾਂ ਅਤੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਬੱਚਿਆਂ ਦੀ ਸੁਰੱਖਿਆ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਸਕੂਲੀ ਆਵਾਜਾਈ ਲਈ ਸਿਰਫ਼ ਉਹੀ ਵਾਹਨ ਵਰਤੇ ਜਾਣ ਜੋ ਸਾਰੇ ਲਾਜ਼ਮੀ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਦੇ ਹੋਣ।
ਡਾ. ਬਲਜੀਤ ਕੌਰ ਨੇ ਕਿਹਾ, “ਸਾਡੇ ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਹਰ ਬੱਚਾ ਸੁਰੱਖਿਅਤ ਸਕੂਲ ਪਹੁੰਚਣ ਅਤੇ ਸੁਰੱਖਿਅਤ ਘਰ ਵਾਪਸ ਆਉਣ ਦਾ ਹੱਕਦਾਰ ਹੈ ਅਤੇ ਪੰਜਾਬ ਸਰਕਾਰ ਇਸ ਮਕਸਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”
