ਰਾਹੁਲ ਗਾਂਧੀ ਸੁਲਝਾਉਣਗੇ ਪੰਜਾਬ ਕਾਂਗਰਸ ਦਾ ਅੰਦਰੂਨੀ ਕਲੇਸ਼! ਨਾਰਾਜ਼ ਧੜੇ ਦੇ ਆਗੂਆਂ ਨੂੰ ਦਿੱਲੀ ਬੁਲਾਇਆ
ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿੱਚੋਤਾਣ ਵਿਚਾਲੇ ਵੱਡੀ ਸਿਆਸੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਪਾਰਟੀ ਹਾਈਕਮਾਨ ਨੇ ਹੁਣ ਇਸ ਮਾਮਲੇ ਨੂੰ ਆਪਣੇ ਹੱਥ ਵਿੱਚ ਲੈਂਦਿਆਂ ਨਾਰਾਜ਼ ਧੜੇ ਦੇ ਆਗੂਆਂ ਨੂੰ ਦਿੱਲੀ ਬੁਲਾਉਣ ਦਾ ਫੈਸਲਾ ਕੀਤਾ ਹੈ। ਜਾਣਕਾਰੀ ਮੁਤਾਬਕ ਰਾਹੁਲ ਗਾਂਧੀ ਵੱਲੋਂ ਇਨ੍ਹਾਂ ਆਗੂਆਂ ਨਾਲ 16 ਅਤੇ 17 ਜੁਲਾਈ ਨੂੰ ਮੀਟਿੰਗ ਕੀਤੀ ਜਾ ਸਕਦੀ ਹੈ।
ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਸੂਬੇ ਅੰਦਰ ਪਾਰਟੀ ਦੀ ਮੌਜੂਦਾ ਸਥਿਤੀ ਅਤੇ ਆਗੂਆਂ ਵਿਚਾਲੇ ਚੱਲ ਰਹੇ ਵਿਵਾਦ ਨੂੰ ਲੈ ਕੇ ਹਾਈਕਮਾਨ ਨੂੰ ਆਪਣੀ ਰਿਪੋਰਟ ਸੌਂਪੀ ਸੀ। ਰਿਪੋਰਟ ਮਿਲਣ ਤੋਂ ਬਾਅਦ ਹਾਈਕਮਾਨ ਨੇ ਤੁਰੰਤ ਮਾਮਲੇ ‘ਤੇ ਚਰਚਾ ਕੀਤੀ।
ਦਿੱਲੀ ਵਿੱਚ ਹੋਈ ਅਹਿਮ ਮੀਟਿੰਗ ਦੌਰਾਨ ਰਾਹੁਲ ਗਾਂਧੀ, ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਨੇ ਪੰਜਾਬ ਕਾਂਗਰਸ ਦੇ ਮੌਜੂਦਾ ਹਾਲਾਤ ‘ਤੇ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਨਾਰਾਜ਼ ਧੜੇ ਦੇ ਆਗੂਆਂ ਨੂੰ ਦਿੱਲੀ ਬੁਲਾ ਕੇ ਉਨ੍ਹਾਂ ਦੀ ਗੱਲ ਸੁਣਨ ਅਤੇ ਵਿਵਾਦ ਦਾ ਹੱਲ ਕੱਢਣ ਦਾ ਫੈਸਲਾ ਕੀਤਾ ਗਿਆ।
ਪਾਰਟੀ ਹਾਈਕਮਾਨ ਚਾਹੁੰਦੀ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬਾ ਇਕਾਈ ਵਿੱਚ ਚੱਲ ਰਹੀ ਧੜੇਬੰਦੀ ਅਤੇ ਅੰਦਰੂਨੀ ਖਿੱਚੋਤਾਣ ਨੂੰ ਖ਼ਤਮ ਕੀਤਾ ਜਾਵੇ। ਪਾਰਟੀ ਨੂੰ ਚਿੰਤਾ ਹੈ ਕਿ ਜੇਕਰ ਇਹ ਵਿਵਾਦ ਲੰਬੇ ਸਮੇਂ ਤੱਕ ਜਾਰੀ ਰਿਹਾ ਤਾਂ ਇਸ ਦਾ ਅਸਰ ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਅਤੇ ਪਾਰਟੀ ਦੀ ਕਾਰਗੁਜ਼ਾਰੀ ‘ਤੇ ਪੈ ਸਕਦਾ ਹੈ।
ਦੱਸ ਦੇਈਏ ਕਿ ਪੰਜਾਬ ਕਾਂਗਰਸ ਅੰਦਰ ਚੱਲ ਰਹੇ ਵਿਵਾਦ ਨੂੰ ਸੁਲਝਾਉਣ ਲਈ ਹਾਈਕਮਾਨ ਨੇ 6 ਜੁਲਾਈ ਨੂੰ ਸੂਬਾ ਇੰਚਾਰਜ ਭੁਪੇਸ਼ ਬਘੇਲ ਨੂੰ ਚੰਡੀਗੜ੍ਹ ਭੇਜਿਆ ਸੀ। ਉਹ 11 ਜੁਲਾਈ ਤੱਕ ਚੰਡੀਗੜ੍ਹ ਵਿੱਚ ਰਹੇ ਅਤੇ ਇਸ ਦੌਰਾਨ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਕਈ ਨਾਰਾਜ਼ ਅਤੇ ਸੀਨੀਅਰ ਆਗੂਆਂ ਨਾਲ ਮੁਲਾਕਾਤ ਕੀਤੀ।
ਭੁਪੇਸ਼ ਬਘੇਲ ਨੇ ਨਾਸ਼ਤੇ, ਦੁਪਹਿਰ ਅਤੇ ਰਾਤ ਦੇ ਖਾਣੇ ਦੌਰਾਨ ਵੱਖ-ਵੱਖ ਆਗੂਆਂ ਨਾਲ ਗੱਲਬਾਤ ਕਰਨ ਦੇ ਨਾਲ ਕਈ ਆਗੂਆਂ ਨਾਲ ਵਨ-ਟੂ-ਵਨ ਮੀਟਿੰਗਾਂ ਵੀ ਕੀਤੀਆਂ। ਇਨ੍ਹਾਂ ਮੁਲਾਕਾਤਾਂ ਦੌਰਾਨ ਆਗੂਆਂ ਨੇ ਪਾਰਟੀ ਸੰਗਠਨ ਅਤੇ ਪੰਜਾਬ ਕਾਂਗਰਸ ਦੀ ਮੌਜੂਦਾ ਲੀਡਰਸ਼ਿਪ ਨੂੰ ਲੈ ਕੇ ਆਪਣੀਆਂ ਚਿੰਤਾਵਾਂ ਅਤੇ ਸ਼ਿਕਾਇਤਾਂ ਉਨ੍ਹਾਂ ਸਾਹਮਣੇ ਰੱਖੀਆਂ।
ਚੰਡੀਗੜ੍ਹ ਦੌਰੇ ਤੋਂ ਬਾਅਦ ਭੁਪੇਸ਼ ਬਘੇਲ ਨੇ ਦਿੱਲੀ ਪਹੁੰਚ ਕੇ ਹਾਈਕਮਾਨ ਨੂੰ ਪੰਜਾਬ ਕਾਂਗਰਸ ਦੀ ਸਥਿਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਰਾਹੁਲ ਗਾਂਧੀ ਵੱਲੋਂ ਨਾਰਾਜ਼ ਧੜੇ ਦੇ ਆਗੂਆਂ ਨੂੰ ਗੱਲਬਾਤ ਲਈ ਦਿੱਲੀ ਬੁਲਾਉਣ ਦਾ ਫੈਸਲਾ ਲਿਆ ਗਿਆ।
ਰਾਹੁਲ ਗਾਂਧੀ ਵੱਲੋਂ ਮਿਲੇ ਸੱਦੇ ਤੋਂ ਬਾਅਦ ਨਾਰਾਜ਼ ਧੜੇ ਦੇ ਆਗੂ ਵੀ ਸਰਗਰਮ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਆਗੂ ਮੀਟਿੰਗ ਦੌਰਾਨ ਆਪਣਾ ਪੱਖ ਅਤੇ ਸਾਰੀਆਂ ਸ਼ਿਕਾਇਤਾਂ ਰਾਹੁਲ ਗਾਂਧੀ ਸਾਹਮਣੇ ਰੱਖਣ ਦੀ ਤਿਆਰੀ ਕਰ ਰਹੇ ਹਨ। ਹੁਣ ਸਭ ਦੀਆਂ ਨਜ਼ਰਾਂ ਦਿੱਲੀ ਵਿੱਚ ਹੋਣ ਵਾਲੀ ਇਸ ਅਹਿਮ ਮੀਟਿੰਗ ‘ਤੇ ਟਿਕੀਆਂ ਹੋਈਆਂ ਹਨ।
