ਪੰਜਾਬ ਵਿੱਚ ਅੱਜ ਯਾਨੀ ਸ਼ੁੱਕਰਵਾਰ ਨੂੰ 21 ਜ਼ਿਲ੍ਹਿਆਂ ਅਤੇ ਚੰਡੀਗੜ੍ਹ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅਗਲੇ ਤਿੰਨ ਦਿਨਾਂ ਦੌਰਾਨ ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ, ਪਰ 13 ਜੁਲਾਈ ਤੋਂ ਮਾਨਸੂਨ ਦੇ ਕਮਜ਼ੋਰ ਪੈਣ ਦੇ ਸੰਕੇਤ ਹਨ। ਇਸ ਤੋਂ ਬਾਅਦ ਮੌਸਮ ਮੁੜ ਖੁਸ਼ਕ ਹੋ ਸਕਦਾ ਹੈ ਅਤੇ ਤਾਪਮਾਨ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ।
ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਦਰਮਿਆਨੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਨ੍ਹਾਂ ਵਿੱਚ ਪਟਿਆਲਾ, ਫਤਿਹਗੜ੍ਹ ਸਾਹਿਬ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਲੁਧਿਆਣਾ ਅਤੇ ਹੁਸ਼ਿਆਰਪੁਰ ਸ਼ਾਮਲ ਹਨ। ਉੱਥੇ ਹੀ ਮੋਹਾਲੀ ਅਤੇ ਚੰਡੀਗੜ੍ਹ ਵਿੱਚ ਬੀਤੀ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ।
ਮੌਸਮ ਵਿਗਿਆਨ ਕੇਂਦਰ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਹਾਲਾਂਕਿ ਇਹ ਅਜੇ ਵੀ ਆਮ ਨਾਲੋਂ 2.5 ਡਿਗਰੀ ਘੱਟ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ 42.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਦੂਜੇ ਪਾਸੇ, ਮੀਂਹ ਤੋਂ ਬਾਅਦ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ 5.5 ਡਿਗਰੀ ਘੱਟ ਹੈ।
ਪਿਛਲੇ 24 ਘੰਟਿਆਂ ਦੌਰਾਨ ਚੰਡੀਗੜ੍ਹ ਵਿੱਚ ਸਭ ਤੋਂ ਵੱਧ 34 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਚੰਡੀਗੜ੍ਹ ਹਵਾਈ ਅੱਡੇ ’ਤੇ 32.6 ਮਿਲੀਮੀਟਰ, ਮੋਹਾਲੀ ਵਿੱਚ 21 ਮਿਲੀਮੀਟਰ, ਪਟਿਆਲਾ ਵਿੱਚ 9.9 ਮਿਲੀਮੀਟਰ, ਸ੍ਰੀ ਆਨੰਦਪੁਰ ਸਾਹਿਬ ਵਿੱਚ 5.5 ਮਿਲੀਮੀਟਰ ਅਤੇ ਭਾਖੜਾ ਡੈਮ ’ਤੇ 4 ਮਿਲੀਮੀਟਰ ਮੀਂਹ ਪਿਆ। ਹਾਲਾਂਕਿ ਪੰਜਾਬ ਦੇ ਜ਼ਿਆਦਾਤਰ ਹੋਰ ਜ਼ਿਲ੍ਹਿਆਂ ਵਿੱਚ ਮੌਸਮ ਖੁਸ਼ਕ ਰਿਹਾ।
ਮੌਸਮ ਵਿਭਾਗ ਅਨੁਸਾਰ ਮਾਨਸੂਨ ਟ੍ਰੈਫ਼ ਹੌਲੀ-ਹੌਲੀ ਹਿਮਾਲਿਆ ਦੀਆਂ ਤਲਹਟੀਆਂ ਵੱਲ ਵਧ ਰਿਹਾ ਹੈ। ਇਸ ਕਾਰਨ ਉੱਤਰ-ਪੱਛਮ ਤੋਂ ਖੁਸ਼ਕ ਹਵਾਵਾਂ ਚੱਲਣ ਦੀ ਸੰਭਾਵਨਾ ਹੈ, ਜਿਸ ਨਾਲ ਪੰਜਾਬ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਨਮੀ ਘਟੇਗੀ ਅਤੇ ਬਾਰਿਸ਼ ਦੀਆਂ ਗਤੀਵਿਧੀਆਂ ਵਿੱਚ ਕਮੀ ਆ ਸਕਦੀ ਹੈ।
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਸੁਰੇਂਦਰ ਪਾਲ ਮੁਤਾਬਕ 10 ਤੋਂ 12 ਜੁਲਾਈ ਦਰਮਿਆਨ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 13 ਤੋਂ 15 ਜੁਲਾਈ ਤੱਕ ਮੀਂਹ ਦੀਆਂ ਗਤੀਵਿਧੀਆਂ ਵਿੱਚ ਕਾਫ਼ੀ ਕਮੀ ਆ ਸਕਦੀ ਹੈ ਅਤੇ ਇਸ ਤੋਂ ਬਾਅਦ ਸੂਬੇ ਵਿੱਚ ਮੌਸਮ ਮੁਕਾਬਲਤਨ ਖੁਸ਼ਕ ਰਹਿਣ ਦੇ ਨਾਲ ਦਿਨ ਦੇ ਤਾਪਮਾਨ ਵਿੱਚ ਹੌਲੀ-ਹੌਲੀ ਵਾਧਾ ਹੋ ਸਕਦਾ ਹੈ।
