ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਮੁਤਾਬਕ ਕਾਂਗਰਸ ਦੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਨਵੀਂ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ।
ਇਹ ਮੁਲਾਕਾਤ ਅਜਿਹੇ ਸਮੇਂ ਹੋਈ ਹੈ ਜਦੋਂ ਪੰਜਾਬ ਕਾਂਗਰਸ ਦੇ ਅੰਦਰੂਨੀ ਮਾਮਲਿਆਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਚਰਮ ‘ਤੇ ਹਨ। ਪਾਰਟੀ ਦੀ ਸੂਬਾ ਪ੍ਰਧਾਨਗੀ ਨੂੰ ਲੈ ਕੇ ਅਸੰਤੁਸ਼ਟੀ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਅਤੇ ਕਈ ਆਗੂਆਂ ਵੱਲੋਂ ਆਪਣੀ ਨਾਰਾਜ਼ਗੀ ਜਤਾਏ ਜਾਣ ਦੀ ਚਰਚਾ ਹੈ।
ਇਸੇ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ‘ਤੇ ਵੀ ਕਾਂਗਰਸ ਦੇ ਕਈ ਸੀਨੀਅਰ ਆਗੂਆਂ ਦੀ ਅਹਿਮ ਬੈਠਕ ਜਾਰੀ ਹੈ, ਜਿੱਥੇ ਪਾਰਟੀ ਦੀ ਮੌਜੂਦਾ ਸਥਿਤੀ ਅਤੇ ਅਗਲੀ ਰਣਨੀਤੀ ‘ਤੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ।
ਉਧਰ, ਸੁਖਜਿੰਦਰ ਸਿੰਘ ਰੰਧਾਵਾ ਅਤੇ ਅਮਿਤ ਸ਼ਾਹ ਦੀ ਮੁਲਾਕਾਤ ਨੇ ਸਿਆਸੀ ਗਲਿਆਰਿਆਂ ਵਿੱਚ ਚਰਚਾਵਾਂ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਹਾਲਾਂਕਿ ਦੋਵਾਂ ਆਗੂਆਂ ਦੀ ਮੀਟਿੰਗ ਦਾ ਅਧਿਕਾਰਿਕ ਏਜੰਡਾ ਸਾਹਮਣੇ ਨਹੀਂ ਆਇਆ, ਪਰ ਇਸ ਮੁਲਾਕਾਤ ਦੇ ਵੱਖ-ਵੱਖ ਸਿਆਸੀ ਮਾਇਨੇ ਕੱਢੇ ਜਾ ਰਹੇ ਹਨ।
ਫਿਲਹਾਲ ਨਾ ਤਾਂ ਰੰਧਾਵਾ ਵੱਲੋਂ ਅਤੇ ਨਾ ਹੀ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਇਸ ਮੁਲਾਕਾਤ ਸਬੰਧੀ ਕੋਈ ਅਧਿਕਾਰਿਕ ਬਿਆਨ ਜਾਰੀ ਕੀਤਾ ਗਿਆ ਹੈ।
