ਵੈਨੇਜ਼ੁਏਲਾ ਵਿੱਚ ਆਏ ਦੋ ਸ਼ਕਤੀਸ਼ਾਲੀ ਭੂਚਾਲਾਂ ਨੇ ਭਾਰੀ ਤਬਾਹੀ ਮਚਾ ਦਿੱਤੀ ਹੈ। 7.2 ਅਤੇ 7.5 ਤੀਬਰਤਾ ਦੇ ਇਹ ਦੋਵੇਂ ਭੂਚਾਲ ਕੁਝ ਸਕਿੰਟਾਂ ਦੇ ਅੰਤਰ ਨਾਲ ਆਏ, ਜਿਸ ਕਾਰਨ ਰਾਜਧਾਨੀ ਕਰਾਕਸ ਸਮੇਤ ਕਈ ਇਲਾਕਿਆਂ ਵਿੱਚ ਬਹੁ-ਮੰਜ਼ਿਲਾ ਇਮਾਰਤਾਂ ਢਹਿ ਗਈਆਂ ਅਤੇ ਵੱਡਾ ਜਾਨੀ-ਮਾਲੀ ਨੁਕਸਾਨ ਹੋਇਆ। ਹੁਣ ਤੱਕ ਘੱਟੋ-ਘੱਟ 32 ਲੋਕਾਂ ਦੀ ਮੌਤ ਅਤੇ 700 ਤੋਂ ਵੱਧ ਲੋਕਾਂ ਦੇ ਜ਼ਖ਼ਮੀ ਹੋਣ ਦੀ ਪੁਸ਼ਟੀ ਹੋ ਚੁੱਕੀ ਹੈ, ਜਦਕਿ ਅਮਰੀਕੀ ਭੂ-ਵਿਗਿਆਨ ਸਰਵੇਖਣ (USGS) ਨੇ ਚਿਤਾਵਨੀ ਦਿੱਤੀ ਹੈ ਕਿ ਅੰਤਿਮ ਮੌਤਾਂ ਦੀ ਗਿਣਤੀ ਹਜ਼ਾਰਾਂ ਤੱਕ ਪਹੁੰਚ ਸਕਦੀ ਹੈ।
ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਕਾਰਜਕਾਰੀ ਰਾਸ਼ਟਰਪਤੀ ਡੈਲਸੀ ਰੋਡਰਿਗਜ਼ ਨੇ ਦੇਸ਼ ਵਿੱਚ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ। ਬਚਾਅ ਟੀਮਾਂ ਮਲਬੇ ਹੇਠ ਫਸੇ ਲੋਕਾਂ ਨੂੰ ਬਾਹਰ ਕੱਢਣ ਲਈ ਲਗਾਤਾਰ ਰਾਹਤ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ।ਭੂਚਾਲ ਕਾਰਨ ਕਰਾਕਸ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਵੀ ਕਾਫ਼ੀ ਨੁਕਸਾਨ ਪਹੁੰਚਿਆ ਹੈ ਅਤੇ ਉਸ ਨੂੰ ਅਸਥਾਈ ਤੌਰ ‘ਤੇ ਬੰਦ ਕਰ ਦਿੱਤਾ ਗਿਆ ਹੈ। ਦੇਸ਼ ਦੇ ਕਈ ਹਿੱਸਿਆਂ ਵਿੱਚ ਬਿਜਲੀ ਅਤੇ ਫ਼ੋਨ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। ਹਾਲਾਂਕਿ ਪਹਿਲਾਂ ਜਾਰੀ ਕੀਤੀ ਗਈ ਸੁਨਾਮੀ ਚਿਤਾਵਨੀ ਬਾਅਦ ਵਿੱਚ ਵਾਪਸ ਲੈ ਲਈ ਗਈ।
ਇਸ ਕੁਦਰਤੀ ਆਫ਼ਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਸੋਸ਼ਲ ਮੀਡੀਆ ‘ਤੇ ਲਿਖਿਆ ਕਿ ਵੈਨੇਜ਼ੁਏਲਾ ਵਿੱਚ ਆਏ ਭਿਆਨਕ ਭੂਚਾਲ ਕਾਰਨ ਹੋਈ ਤਬਾਹੀ ਤੋਂ ਉਹ ਬਹੁਤ ਦੁਖੀ ਹਨ। ਉਨ੍ਹਾਂ ਭਾਰਤ ਵੱਲੋਂ ਵੈਨੇਜ਼ੁਏਲਾ ਦੀ ਸਰਕਾਰ ਅਤੇ ਉੱਥੋਂ ਦੇ ਲੋਕਾਂ ਨਾਲ ਸੰਵੇਦਨਾ ਜ਼ਾਹਰ ਕਰਦੇ ਹੋਏ ਕਿਹਾ ਕਿ ਭਾਰਤ ਹਰ ਸੰਭਵ ਮਦਦ ਲਈ ਤਿਆਰ ਹੈ।
USGS ਮੁਤਾਬਕ ਪਹਿਲਾ ਭੂਚਾਲ 7.2 ਤੀਬਰਤਾ ਦਾ ਸੀ, ਜਿਸ ਦਾ ਕੇਂਦਰ ਕਰਾਕਸ ਤੋਂ ਪੱਛਮ ਵੱਲ ਮੋਰੋਨ ਨੇੜੇ ਕਰੀਬ 13 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ। ਇਸ ਤੋਂ ਲਗਭਗ 40 ਸਕਿੰਟ ਬਾਅਦ 7.5 ਤੀਬਰਤਾ ਦਾ ਦੂਜਾ ਅਤੇ ਹੋਰ ਵੀ ਸ਼ਕਤੀਸ਼ਾਲੀ ਭੂਚਾਲ ਆਇਆ, ਜਿਸ ਦਾ ਕੇਂਦਰ ਮੋਰੋਨ ਦੇ ਦੱਖਣ-ਪੱਛਮ ਵਿੱਚ ਕਰੀਬ 10 ਕਿਲੋਮੀਟਰ ਦੀ ਡੂੰਘਾਈ ‘ਤੇ ਸੀ। ਵਿਗਿਆਨੀਆਂ ਦਾ ਮੰਨਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਮੌਤਾਂ ਅਤੇ ਨੁਕਸਾਨ ਦੇ ਅੰਕੜਿਆਂ ਵਿੱਚ ਹੋਰ ਵਾਧਾ ਹੋ ਸਕਦਾ ਹੈ।
