ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ। ਹਮਲੇ ਦੀ ਪਹਿਲੀ ਬਰਸੀ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਭਾਵੁਕ ਸੰਦੇਸ਼ ਸਾਂਝਾ ਕੀਤਾ, ਜਿਸ ਵਿੱਚ ਉਨ੍ਹਾਂ ਵੱਲੋਂ ਹਮਲੇ ਵਿਚ ਆਪਣੀਆਂ ਜਾਨਾਂ ਗੁਆਉਣ ਵਾਲੇ ਮਾਸੂਮ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਗਈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇਸ ਭਿਆਨਕ ਹਮਲੇ ਵਿਚ ਆਪਣੀਆਂ ਜਾਨਾਂ ਗੁਆਉਣ ਵਾਲਿਆਂ ਨੂੰ ਕਦੇ ਨਹੀਂ ਭੁਲਾਇਆ ਜਾਵੇਗਾ। ਉਨ੍ਹਾਂ ਨੇ ਦੁਖੀ ਪਰਿਵਾਰਾਂ ਪ੍ਰਤੀ ਆਪਣੀ ਡੂੰਘੀ ਸੰਵੇਦਨਾ ਵੀ ਪ੍ਰਗਟ ਕੀਤੀ ਅਤੇ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਪੂਰਾ ਦੇਸ਼ ਉਨ੍ਹਾਂ ਦੇ ਨਾਲ ਖੜ੍ਹਾ ਹੈ। ਪ੍ਰਧਾਨ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਭਾਰਤ ਕਿਸੇ ਵੀ ਤਰ੍ਹਾਂ ਦੇ ਅੱਤਵਾਦ ਅੱਗੇ ਨਹੀਂ ਝੁਕੇਗਾ। ਉਨ੍ਹਾਂ ਦੁਹਰਾਇਆ ਕਿ ਅੱਤਵਾਦੀਆਂ ਦੀਆਂ ਸਾਜ਼ਿਸ਼ਾਂ ਕਦੇ ਵੀ ਸਫ਼ਲ ਨਹੀਂ ਹੋਣਗੀਆਂ ਅਤੇ ਦੇਸ਼ ਉਨ੍ਹਾਂ ਦਾ ਪੂਰੀ ਤਾਕਤ ਨਾਲ ਸਾਹਮਣਾ ਕਰੇਗਾ।
ਦੱਸ ਦੇਈਏ ਕਿ ਜੰਮੂ ਅਤੇ ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ਤੋਂ ਲਗਭਗ 95 ਕਿਲੋਮੀਟਰ ਦੂਰ ਪਹਿਲਗਾਮ ਤੋਂ 6 ਕਿਲੋਮੀਟਰ ਦੀ ਉਚਾਈ ‘ਤੇ ਸਥਿਤ ਬੈਸਰਨ ਘਾਟੀ ਉਹ ਥਾਂ ਹੈ ਜਿੱਥੇ ਅੱਤਵਾਦੀਆਂ ਨੇ 22 ਅਪ੍ਰੈਲ, 2025 ਨੂੰ 26 ਲੋਕਾਂ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਸੀ। ਅੱਜ 22 ਅਪ੍ਰੈਲ ਨੂੰ ਉਸ ਅੱਤਵਾਦੀ ਹਮਲੇ ਦੀ ਪਹਿਲੀ ਬਰਸੀ ਹੈ। ਪਹਿਲਗਾਮ ਹਮਲੇ ਦੀ ਪਹਿਲੀ ਬਰਸੀ ਮੌਕੇ ਕਸ਼ਮੀਰ ਭਰ ਦੇ ਸੈਰ-ਸਪਾਟਾ ਸਥਾਨਾਂ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਸਾਰੀਆਂ ਸੁਰੱਖਿਆ ਏਜੰਸੀਆਂ ਨੂੰ ਪਹਿਲਗਾਮ ਹਮਲੇ ਦੀ ਵਰ੍ਹੇਗੰਢ ‘ਤੇ ਸੈਰ-ਸਪਾਟਾ ਸਥਾਨਾਂ ਦੇ ਆਲੇ-ਦੁਆਲੇ ਕਿਸੇ ਵੀ ਸੰਭਾਵੀ ਅੱਤਵਾਦੀ ਹਮਲਿਆਂ ਤੋਂ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।
