
ਇੱਕ ਹਮਦਰਦੀ ਅਤੇ ਮਾਨਵਤਾਵਾਦੀ ਇਸ਼ਾਰੇ ਵਜੋਂ, ਮਾਨ ਸਰਕਾਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੂਰੀ ਕੈਬਨਿਟ ਅਤੇ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਨਾਲ ਮਿਲ ਕੇ ਸੂਬੇ ਵਿੱਚ ਹੜ੍ਹ ਰਾਹਤ ਕਾਰਜਾਂ ਦਾ ਸਮਰਥਨ ਕਰਨ ਲਈ ਇੱਕ ਮਹੀਨੇ ਦੀ ਤਨਖਾਹ ਦਾਨ ਕਰਨ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਖੁਦ ਭਗਵੰਤ ਮਾਨ ਵੱਲੋਂ ਦਿੱਤੀ ਗਈ ਹੈ।
CM ਭਗਵੰਤ ਮਾਨ ਨੇ ਆਪਣੇ ਐਕਸ ਅਕਾਊਂਟ ‘ਤੇ ਪੋਸਟ ਸਾਂਝੀ ਕਰਕੇ ਲਿਖਿਆ ਕਿ ਕੁਦਰਤ ਦੀ ਮਾਰ ਅੱਗੇ ਕਿਸੇ ਦਾ ਕੋਈ ਜ਼ੋਰ ਨਹੀਂ, ਪਰ ਆਪਾਂ ਰਲ਼ ਮਿਲ ਕੇ ਇਸ ਔਖੀ ਘੜੀ ਵਿੱਚ ਇੱਕ ਦੂਜੇ ਦੇ ਨਾਲ ਖੜ੍ਹੀਏ। ਮੈਂ ਅਤੇ ਸਾਡੇ ਸਾਰੇ ਮੰਤਰੀ ਸਾਹਿਬਾਨ ਤੇ ਵਿਧਾਇਕ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਅਤੇ ਰਾਹਤ ਕਾਰਜਾਂ ਲਈ ਦੇ ਰਹੇ ਹਾਂ। ਸਾਡੀ ਸਰਕਾਰ ਅਤੇ ਪ੍ਰਸ਼ਾਸਨ ਪੂਰੀ ਤਨਦੇਹੀ ਨਾਲ ਲੋਕਾਂ ਦੇ ਨਾਲ ਖੜ੍ਹੇ ਹਨ। ਪਰਮਾਤਮਾ ਅੱਗੇ ਅਰਦਾਸ, ਜਲਦ ਸਾਰੇ ਹਾਲਾਤ ਠੀਕ ਹੋਣਗੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਆਏ ਵਿਨਾਸ਼ਕਾਰੀ ਹੜ੍ਹਾਂ ਕਾਰਨ ਪੰਜਾਬ ਨੂੰ ਬਹੁਤ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਇਸ ਚੁਣੌਤੀਪੂਰਨ ਸਮੇਂ ਵਿੱਚ ਪ੍ਰਭਾਵਿਤ ਪਰਿਵਾਰਾਂ ਅਤੇ ਭਾਈਚਾਰਿਆਂ ਦੀ ਸਹਾਇਤਾ ਲਈ ਪੰਜਾਬੀਆਂ ਵਿੱਚ ਏਕਤਾ ਦੀ ਲੋੜ ‘ਤੇ ਜ਼ੋਰ ਦਿੱਤਾ।
ਉਨ੍ਹਾਂ ਨੇ ਕਿਹਾ ਕਿ ਚੁਣੇ ਹੋਏ ਨੁਮਾਇੰਦਿਆਂ ਦਾ ਇਹ ਸਮੂਹਿਕ ਯੋਗਦਾਨ ਹੜ੍ਹ ਪ੍ਰਭਾਵਿਤ ਲੋਕਾਂ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਅਤੇ ਇਕਜੁੱਟਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਅਤੇ ਪ੍ਰਸ਼ਾਸਨ ਹੜ੍ਹ ਪ੍ਰਭਾਵਿਤ ਵਿਅਕਤੀਆਂ ਨੂੰ ਹਰ ਲੋੜੀਂਦੀ ਸਹਾਇਤਾ ਅਤੇ ਪੁਨਰਵਾਸ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਸਮਰਪਿਤ ਹੈ।