
ਪੰਜਾਬ ਸਰਕਾਰ ਨੇ ਰਾਜ ਭਰ ਦੀਆਂ ਜੇਲ੍ਹਾਂ ਵਿੱਚ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਵੱਡਾ ਫੈਸਲਾ ਲਿਆ ਹੈ। ਸੂਬੇ ਦੇ ਜੇਲ੍ਹਾਂ ਵਿੱਚ 1,700 ਸੁਰੱਖਿਆ ਗਾਰਡ ਤਾਇਨਾਤ ਕੀਤੇ ਜਾਣਗੇ। ਇਹ ਪ੍ਰਗਟਾਵਾ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਨਾਲ ਇੱਕ ਸਮੀਖਿਆ ਮੀਟਿੰਗ ਦੌਰਾਨ ਕੀਤਾ।
ਭਗਤ ਨੇ ਕਿਹਾ ਕਿ ਨਵੀਂ ਭਰਤੀ ਵਿੱਚ ਸਾਬਕਾ ਸੈਨਿਕ ਅਤੇ ਗੈਰ-ਸਾਬਕਾ ਸੈਨਿਕ ਦੋਵੇਂ ਸ਼ਾਮਲ ਹੋਣਗੇ, ਅਤੇ ਇਹ ਅਸਾਮੀਆਂ ਪੁਰਸ਼ ਅਤੇ ਮਹਿਲਾ ਦੋਵਾਂ ਉਮੀਦਵਾਰਾਂ ਲਈ ਖੁੱਲ੍ਹੀਆਂ ਹੋਣਗੀਆਂ। ਉਨ੍ਹਾਂ ਕਿਹਾ, “ਇਹ ਫੈਸਲਾ ਨਾ ਸਿਰਫ਼ ਸਾਡੀਆਂ ਜੇਲ੍ਹਾਂ ਵਿੱਚ ਹੋਰ ਸੁਰੱਖਿਆ ਗਾਰਡ ਪ੍ਰਦਾਨ ਕਰੇਗਾ ਬਲਕਿ ਸਾਬਕਾ ਸੈਨਿਕਾਂ ਅਤੇ ਪੰਜਾਬ ਦੇ ਨੌਜਵਾਨਾਂ ਲਈ ਸਨਮਾਨਜਨਕ ਰੁਜ਼ਗਾਰ ਦੇ ਮੌਕੇ ਵੀ ਪੈਦਾ ਕਰੇਗਾ।”
ਮੀਟਿੰਗ ਦੌਰਾਨ, ਪੈਸਕੋ ਦੇ ਮੈਨੇਜਿੰਗ ਡਾਇਰੈਕਟਰ, ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾਮੁਕਤ) ਨੇ ਮੰਤਰੀ ਨੂੰ ਦੱਸਿਆ ਕਿ ਕੁੱਲ ਮਨਜ਼ੂਰਸ਼ੁਦਾ ਅਸਾਮੀਆਂ ਵਿੱਚੋਂ 900 ਸੁਰੱਖਿਆ ਗਾਰਡ ਪਹਿਲਾਂ ਹੀ ਭਰਤੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸਾਰੀਆਂ ਜੇਲ੍ਹਾਂ ਵਿੱਚ ਮਜ਼ਬੂਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬਾਕੀ ਬਚੀਆਂ ਅਸਾਮੀਆਂ ਵੀ ਜਲਦੀ ਹੀ ਭਰੀਆਂ ਜਾਣਗੀਆਂ।
ਭਗਤ ਨੇ ਪੈਸਕੋ ਨੂੰ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਬਾਕੀ ਅਸਾਮੀਆਂ ਨੂੰ ਜਲਦੀ ਤੋਂ ਜਲਦੀ ਭਰਿਆ ਜਾ ਸਕੇ। ਉਨ੍ਹਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ। ਪੈਸਕੋ ਦੇ ਪ੍ਰਬੰਧ ਨਿਰਦੇਸ਼ਕ ਨੇ ਮੰਤਰੀ ਨੂੰ ਭਰੋਸਾ ਦਿੱਤਾ ਕਿ ਭਰਤੀ ਪ੍ਰਕਿਰਿਆ ਜਲਦੀ ਤੋਂ ਜਲਦੀ ਪੂਰੀ ਕੀਤੀ ਜਾਵੇਗੀ।