ਭਾਰਤ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਪਹੁੰਚੇ ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਮੰਗਲਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਜਥੇ ਦੇ ਮੈਂਬਰਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਜਥੇ ਦੇ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਦੌਰਾਨ ਜਥੇ ਦੇ ਮੈਂਬਰਾਂ ਨੇ SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ। ਗੱਲਬਾਤ ਦੌਰਾਨ ਧਾਮੀ ਨੇ ਕਿਹਾ ਕਿ ਭਾਰਤ ਤੋਂ ਹਰ ਸਾਲ ਚਾਰ ਸਿੱਖ ਜਥੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਜਾਂਦੇ ਹਨ।
ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਭਾਰਤੀ ਸਿੱਖਾਂ ਦੀ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਦੀ ਇੱਛਾ ਹੁੰਦੀ ਹੈ, ਉਸੇ ਤਰ੍ਹਾਂ ਪਾਕਿਸਤਾਨ ਵਿੱਚ ਰਹਿਣ ਵਾਲੇ ਸਿੱਖ ਵੀ ਭਾਰਤ ਦੇ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਕਰਨਾ ਚਾਹੁੰਦੇ ਹਨ।
ਜਾਣਕਾਰੀ ਅਨੁਸਾਰ, ਪਾਕਿਸਤਾਨੀ ਸਿੱਖਾਂ ਦਾ ਇਹ ਜਥਾ ਪਹਿਲੀ ਵਾਰ ਸਮੂਹਿਕ ਤੌਰ ’ਤੇ ਭਾਰਤ ਪਹੁੰਚਿਆ ਹੈ। ਇਸ ਦੌਰੇ ਨੂੰ ਸਿੱਖ ਸੰਗਤ ਲਈ ਧਾਰਮਿਕ ਅਤੇ ਇਤਿਹਾਸਕ ਮਹੱਤਤਾ ਵਾਲਾ ਮੰਨਿਆ ਜਾ ਰਿਹਾ ਹੈ। ਇਸ ਮੌਕੇ ਪਾਕਿਸਤਾਨੀ ਸਿੱਖਾਂ ਲਈ ਭਾਰਤ ਆਉਣ ਵਾਸਤੇ ਖੁੱਲ੍ਹੇ ਵੀਜ਼ੇ ਦੇਣ ਦੀ ਮੰਗ ਵੀ ਉੱਠੀ, ਤਾਂ ਜੋ ਉਹ ਬਿਨਾਂ ਵੱਡੀਆਂ ਮੁਸ਼ਕਲਾਂ ਦੇ ਇੱਥੋਂ ਦੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰ ਸਕਣ।
SGPC ਦੇ ਅਧਿਕਾਰੀ ਵੀ ਰਹੇ ਮੌਜੂਦ
ਇਸ ਮੌਕੇ SGPC ਪ੍ਰਧਾਨ ਦੇ ਓਐੱਸਡੀ ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇਰਾ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਉਪ ਸਕੱਤਰ ਹਰਭਜਨ ਸਿੰਘ, ਜਨਰਲ ਮੈਨੇਜਰ ਮੇਜਰ ਸਿੰਘ ਅਤੇ ਮੈਨੇਜਰ ਰਾਜਿੰਦਰ ਸਿੰਘ ਰੂਬੀ ਵੀ ਹਾਜ਼ਰ ਸਨ।
