Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਆਯੋਜਿਤ ਰਾਜ ਪੱਧਰੀ ਖੇਡ ਸਨਮਾਨ ਸਮਾਗਮ ਦੌਰਾਨ 87 ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਅਵਾਰਡ ਨਾਲ ਸਨਮਾਨਿਤ ਕੀਤਾ। ਇਸ ਮੌਕੇ ਖਿਡਾਰੀਆਂ ਨੂੰ ਕੁੱਲ 32.05 ਕਰੋੜ ਰੁਪਏ ਦੀ ਇਨਾਮੀ ਰਕਮ ਵੀ ਵੰਡੀ ਗਈ।
ਇਹ ਸਨਮਾਨ ਉਹਨਾਂ ਖਿਡਾਰੀਆਂ ਨੂੰ ਦਿੱਤਾ ਗਿਆ ਜਿਨ੍ਹਾਂ ਨੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਸਮਾਗਮ ਦੌਰਾਨ ਭਾਰਤੀ ਹਾਕੀ ਟੀਮ ਅਤੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਵੀ ਨਕਦ ਇਨਾਮ ਦੇ ਕੇ ਹੌਸਲਾ ਅਫਜ਼ਾਈ ਕੀਤੀ ਗਈ।
ਸਰਕਾਰ ਦਾ ਕਹਿਣਾ ਹੈ ਕਿ ਖਿਡਾਰੀਆਂ ਦੀਆਂ ਉਪਲਬਧੀਆਂ ਦਾ ਸਨਮਾਨ ਕਰਨਾ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਇਸ ਸਮਾਗਮ ਦਾ ਮੁੱਖ ਮਕਸਦ ਹੈ। ਮਹਾਰਾਜਾ ਰਣਜੀਤ ਸਿੰਘ ਅਵਾਰਡ ਨੂੰ ਪੰਜਾਬ ਦਾ ਸਭ ਤੋਂ ਵੱਡਾ ਖੇਡ ਸਨਮਾਨ ਮੰਨਿਆ ਜਾਂਦਾ ਹੈ।
ਇਸ ਮੌਕੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੇ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਖਿਡਾਰੀਆਂ ਨੂੰ ਵੱਡਾ ਮਾਣ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਹਜ਼ਾਰਾਂ ਪਿੰਡਾਂ ਵਿੱਚ ਖੇਡ ਮੈਦਾਨ ਅਤੇ ਜਿਮ ਬਣਾਏ ਜਾ ਰਹੇ ਹਨ, ਜਿਸ ਨਾਲ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਹੋਰ ਪ੍ਰੇਰਣਾ ਮਿਲੇਗੀ।
ਉੱਧਰ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਦੀਪ ਸਿੰਘ ਨੇ ਵੀ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਖੇਡਾਂ ਨੂੰ ਲਗਾਤਾਰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਟੀਮ ਵਰਕ ਅਤੇ ਮਿਹਨਤ ਨਾਲ ਕਈ ਵੱਡੀਆਂ ਉਪਲਬਧੀਆਂ ਹਾਸਲ ਹੋਈਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਹੋਰ ਖਿਡਾਰੀ ਵੀ ਦੇਸ਼ ਲਈ ਮੈਡਲ ਜਿੱਤਣਗੇ।
