ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਬੀਤੇ ਕੱਲ੍ਹ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਸੁਣਾਇਆ। ਅਦਾਲਤ ਨੇ ਕਤਲ ਕੇਸ ਵਿੱਚ ਮੁਲਜ਼ਮ ਪਵਨ ਅਤੇ ਜਗਤਾਰ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ। ਕੋਰਟ ਦੇ ਇਸ ਫੈਸਲੇ ‘ਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਅਜੱ ਮਾਨਸਾ ਵਿੱਚ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਇਹ ਅਦਾਲਤ ਦਾ ਫੈਸਲਾ ਹੈ ਅਤੇ ਉਹ ਇਸ ‘ਤੇ ਕੋਈ ਟਿੱਪਣੀ ਨਹੀਂ ਕਰਨਗੇ।
ਬਲਕੌਰ ਸਿੰਘ ਨੇ ਇਹ ਬਿਆਨ ਪਿੰਡ ਮੂਸਾ ਵਿੱਚ ਲੋੜਵੰਦ ਲੋਕਾਂ ਲਈ ਤਿੰਨ ਘਰਾਂ ਦਾ ਨੀਂਹ ਪੱਥਰ ਰੱਖਣ ਮੌਕੇ ਦਿੱਤਾ, ਜਿਸ ਨੂੰ ਚੈਰੀਟੇਬਲ ਸੰਸਥਾ ਮਿਡਲੈਂਡ ਯੂਕੇ ਨੇ ਸਮਰਥਨ ਦਿੱਤਾ। ਉਨ੍ਹਾਂ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ‘ਤੇ ਹਰ ਮੋਰਚੇ ‘ਤੇ ਅਸਫਲ ਰਹਿਣ ਦਾ ਦੋਸ਼ ਲਗਾਇਆ। ਬਲਕੌਰ ਸਿੰਘ ਨੇ ਦੁੱਖ ਪ੍ਰਗਟ ਕੀਤਾ ਕਿ ਮੂਸੇਵਾਲਾ ਕਤਲ ਕੇਸ ਦੇ ਕੁਝ ਮੁਲਜ਼ਮ ਅਜੇ ਵੀ ਪੁਲਿਸ ਦੀ ਹਿਰਾਸਤ ਤੋਂ ਬਾਹਰ ਹਨ ਅਤੇ ਖੁੱਲ੍ਹ ਕੇ ਘੁੰਮ ਰਹੇ ਹਨ।
ਬਲਕੌਰ ਸਿੰਘ ਨੇ ਕਿਹਾ ਕਿ ਹੁਣ ਹਾਲਾਤ ਅਜਿਹੇ ਹੋ ਗਏ ਹਨ ਕਿ ਅਨਮੋਲ ਬਿਸ਼ਨੋਈ ਦੇ ਵਕੀਲ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਬੇਨਤੀ ਕੀਤੀ ਹੈ ਕਿ ਪੁਲਿਸ ਉਨ੍ਹਾਂ ਦੇ ਮੁਵੱਕਿਲ ਨੂੰ ਮੂਸੇਵਾਲਾ ਕਤਲ ਕੇਸ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਵੇ, ਕਿਉਂਕਿ ਉਹ ਤਿਹਾੜ ਜੇਲ੍ਹ ਵਿੱਚ ਬੰਦ ਹੈ।
