ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ ਬੀ ਐੱਮ ਬੀ) ਵਿੱਚ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀ ਆਈ ਐੱਸ ਐੱਫ) ਦੀ ਤਾਇਨਾਤੀ ਨੂੰ ਲੈ ਕੇ ਪਿਛਲੇ ਹਫਤੇ ਨੰਗਲ ਵਿੱਚ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਵਿੱਚ ਬਲ ਦੀ ਭਾਗੀਦਾਰੀ ਮਗਰੋਂ ਪੰਜਾਬ ਵਿੱਚ ਨਵਾਂ ਖੇਤਰੀ ਅਧਿਕਾਰ ਖੇਤਰ ਦਾ ਵਿਵਾਦ ਭਖ਼ ਗਿਆ ਹੈ। ਪੰਜਾਬ ਦੇ ਸਿੱਖਿਆ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਰਿਹਾਇਸ਼ੀ/ਸਿਵਲ ਖੇਤਰਾਂ ਵਿੱਚ ਸੀ ਆਈ ਐੱਸ ਐੱਫ ਦੇ ਜਵਾਨਾਂ ਦੀਆਂ ਗਤੀਵਿਧੀਆਂ ’ਤੇ ਸਖ਼ਤ ਇਤਰਾਜ਼ ਦਾਇਰ ਕਰਦਿਆਂ ਜ਼ੋਰ ਦਿੱਤਾ ਕਿ ਉਨ੍ਹਾਂ ਦਾ ਅਧਿਕਾਰ ਖੇਤਰ ਸਿਰਫ਼ ਬੀ ਬੀ ਐੱਮ ਬੀ ਦੀਆਂ ਮਹੱਤਵਪੂਰਨ ਜਾਇਦਾਦਾਂ/ਟਿਕਾਣਿਆਂ ਦੀ ਸੁਰੱਖਿਆ ਤੱਕ ਹੀ ਸੀਮਤ ਹੈ। ਟ੍ਰਿਬਿਊਨ ਪ੍ਰਕਾਸ਼ਨ ਸਮੂਹ ਨਾਲ ਗੱਲਬਾਤ ਦੌਰਾਨ ਬੈਂਸ ਨੇ ਇਸ ਕਾਰਵਾਈ ਨੂੰ ਗ਼ੈਰ-ਕਾਨੂੰਨੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਬਲ ਨੂੰ ਭਾਖੜਾ ਡੈਮ ਦੀ ਸੁਰੱਖਿਆ ਲਈ ਤਾਇਨਾਤ ਕੀਤਾ ਗਿਆ ਸੀ ਅਤੇ ਇਹ ਪੰਜਾਬ ਪੁਲੀਸ ਦੇ ਅਧਿਕਾਰਾਂ ਦੀ ਵਰਤੋਂ ਨਹੀਂ ਕਰ ਸਕਦਾ। ਉਨ੍ਹਾਂ ਕਿਹਾ, ‘‘ਜੇਕਰ ਬੀ ਬੀ ਐੱਮ ਬੀ ਕੋਈ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਚਲਾਉਣਾ ਚਾਹੁੰਦਾ ਹੈ, ਤਾਂ ਉਸ ਨੂੰ ਸਥਾਨਕ ਪ੍ਰਸ਼ਾਸਨ ਅਤੇ ਸਥਾਨਕ ਪੁਲੀਸ ਨੂੰ ਸੂਚਿਤ ਕਰਨਾ ਚਾਹੀਦਾ ਹੈ।’’ ਉਨ੍ਹਾਂ ਚਿਤਾਵਨੀ ਦਿੱਤੀ ਕਿ ਸੀ ਆਈ ਐੱਸ ਐੱਫ ਦੇ ਜਵਾਨਾਂ ਨੂੰ ਪੰਜਾਬ ਪੁਲੀਸ ਦੇ ਅਧਿਕਾਰ ਖੇਤਰ ਵਿੱਚ ਦਾਖਲ ਨਾ ਹੋਣ ਦੀ ਤਾਕੀਦ ਕੀਤੀ ਗਈ ਹੈ ਅਤੇ ਜੇਕਰ ਉਹ ਭਵਿੱਖ ਵਿੱਚ ਸਿਵਲ ਮਾਮਲਿਆਂ ਵਿੱਚ ਦਖਲਅੰਦਾਜ਼ੀ ਕਰਦੇ ਹਨ ਤਾਂ ਉਨ੍ਹਾਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
