ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ‘ਤੇ ਐਤਵਾਰ ਰਾਤ ਸ਼ੱਕੀ ਡ੍ਰੋਨ ਐਕਟੀਵਿਟੀ ਦੇਖੇ ਜਾਣ ਤੋਂ ਬਾਅਦ ਹਵਾਈ ਸੇਵਾਵਾਂ ਪ੍ਰਭਾਵਿਤ ਹੋਈਆਂ। ਘਟਨਾ ਰਾਤ ਕਰੀਬ 10 ਵਜੇ ਦੀ ਦੱਸੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਰਨਵੇ ਦੇ ਆਸ-ਪਾਸ ਸ਼ੱਕੀ ਗਤੀਵਿਧੀ ਨਜ਼ਰ ਆਉਣ ‘ਤੇ ਏਅਰ ਟ੍ਰੈਫਿਕ ਕੰਟਰੋਲ ਵੱਲੋਂ ਤੁਰੰਤ ਅਲਰਟ ਜਾਰੀ ਕੀਤਾ ਗਿਆ। ਸੁਰੱਖਿਆ ਦੇ ਮੱਦੇਨਜ਼ਰ ਅੰਮ੍ਰਿਤਸਰ ਆਉਣ ਵਾਲੀਆਂ 7 ਉਡਾਣਾਂ ਦੀ ਲੈਂਡਿੰਗ ਰੋਕ ਕੇ ਉਨ੍ਹਾਂ ਨੂੰ ਡਾਇਵਰਟ ਕੀਤਾ ਗਿਆ।
ਦੱਸਿਆ ਜਾ ਰਿਹਾ ਹੈ ਕਿ ਸ਼ੱਕੀ ਡ੍ਰੋਨ ਪਿੰਡ ਰੁਡਾਲਾ ਵੱਲੋਂ ਏਅਰਪੋਰਟ ਵੱਲ ਆਉਂਦਾ ਦਿਖਾਈ ਦਿੱਤਾ। ਕੁਝ ਸਮੇਂ ਤੱਕ ਇਹ ਰਨਵੇ ਅਤੇ ਆਸ-ਪਾਸ ਦੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਮੰਡਰਾਉਂਦਾ ਰਿਹਾ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ CISF, ਪੰਜਾਬ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਸਰਗਰਮ ਹੋ ਗਈਆਂ। ਏਅਰਪੋਰਟ ਅਤੇ ਆਸ-ਪਾਸ ਦੇ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ।
ਫਿਲਹਾਲ ਸੁਰੱਖਿਆ ਏਜੰਸੀਆਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਕਿ ਅਸਲ ਵਿੱਚ ਡ੍ਰੋਨ ਸਨ ਜਾਂ ਕੋਈ ਹੋਰ ਉਡਦੀ ਵਸਤੂ। ਅਧਿਕਾਰਤ ਜਾਂਚ ਤੋਂ ਬਾਅਦ ਹੀ ਇਸ ਬਾਰੇ ਸਪੱਸ਼ਟ ਜਾਣਕਾਰੀ ਸਾਹਮਣੇ ਆਵੇਗੀ।
