ਲੁਧਿਆਣਾ ਦੇ ਥਾਣਾ ਸੁਧਾਰ ਅਧੀਨ ਪੈਂਦੇ ਪਿੰਡ ਰਾਜੋਆਣਾ ਕਲਾਂ ਦੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿੱਚ ਦਾਖ਼ਲ ਹੋ ਕੇ ਗੋਲ਼ੀਬਾਰੀ ਕਰਨ ਵਾਲੇ ਮੁੱਖ ਮੁਲਜ਼ਮ ਰਾਜ ਸਿੰਘ ਉਰਫ਼ ਰਾਜੂ ਦੀ ਪੁਲੀਸ ਹਿਰਾਸਤ ਵਿੱਚ ਮੌਤ ਹੋ ਗਈ ਹੈ।
ਸੋਮਵਾਰ ਸ਼ਾਮ ਨੂੰ ਜ਼ਿਲ੍ਹਾ ਪੁਲੀਸ ਮੁਖੀ ਡਾਕਟਰ ਅੰਕੁਰ ਗੁਪਤਾ ਨੇ ਪ੍ਰੈੱਸ ਕਾਨਫ਼ਰੰਸ ਵਿੱਚ ਰਾਜੂ ਦੀ ਗ੍ਰਿਫ਼ਤਾਰੀ ਦੀ ਜਾਣਕਾਰੀ ਦਿੱਤੀ ਸੀ। ਕਾਊਂਟਰ ਇੰਟੈਲੀਜੈਂਸ ਅਤੇ ਸੀ.ਆਈ.ਏ. (CIA) ਜਗਰਾਉਂ ਦੀਆਂ ਟੀਮਾਂ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁੱਖ ਮੁਲਜ਼ਮ ਰਾਜ ਸਿੰਘ ਰਾਜੂ ਨੇ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਮ ਤੋੜ ਦਿੱਤਾ ਹੈ।
ਬੀਤੇ ਦਿਨ ਸ਼ਾਮ ਨੂੰ ਹੀ ਥਾਣਾ ਸੁਧਾਰ ਦੀ ਪੁਲੀਸ ਨੇ ਉਸ ਨੂੰ ਹਿਰਾਸਤ ਵਿੱਚ ਲਿਆ ਸੀ ਅਤੇ ਕੁਝ ਸਮੇਂ ਬਾਅਦ ਹੀ ਉਸ ਨੂੰ ਘਬਰਾਹਟ ਦੀ ਸ਼ਿਕਾਇਤ ਹੋਣ ’ਤੇ ਪਹਿਲਾਂ ਸਰਕਾਰੀ ਹਸਪਤਾਲ ਸੁਧਾਰ ਵਿੱਚ ਇਲਾਜ ਲਈ ਲਿਆਂਦਾ ਗਿਆ। ਪਰ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ ਸੀ। ਇਲਾਜ ਦੌਰਾਨ ਮੌਤ ਹੋਣ ਦੀ ਪੁਸ਼ਟੀ ਹੋਈ, ਜਿਸ ਤੋਂ ਬਾਅਦ ਪੁਲੀਸ ਅਧਿਕਾਰੀਆਂ ਨੇ ਹਾਲ ਦੀ ਘੜੀ ਚੁੱਪ ਧਾਰ ਲਈ ਹੈ।
