ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਪੈਂਦੇ ਇਤਿਹਾਸਕ ਕਸਬਾ ਸ੍ਰੀ ਗੋਇੰਦਵਾਲ ਸਾਹਿਬ ਦੀ ਦਾਣਾ ਮੰਡੀ ਵਿਖੇ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸਨਮਾਨ ਰਾਸ਼ੀ ਦੀ ਦੂਜੀ ਕਿਸ਼ਤ ਜਾਰੀ ਕੀਤੀ। ਸਮਾਗਮ ’ਚ ਵੱਡੀ ਗਿਣਤੀ ਵਿੱਚ ਔਰਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਮਾਵਾਂ, ਭੈਣਾਂ ਤੇ ਧੀਆਂ ’ਚ ਯੋਜਨਾ ਦੀ ਦੂਜੀ ਕਿਸ਼ਤ ਜਾਰੀ ਹੋਣ ਤੇ ਉਤਸ਼ਾਹ ਵੇਖਣ ਨੂੰ ਮਿਲਿਆ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੋਇੰਦਵਾਲ ਸਾਹਿਬ ਦੀ ਧਰਤੀ ਦਾ ਸਿੱਖ ਇਤਿਹਾਸ ’ਚ ਵਿਸ਼ੇਸ਼ ਸਥਾਨ ਹੈ। ਉਨ੍ਹਾਂ ਕਿਹਾ ਕਿ ਇਸ ਧਰਤੀ ਤੋਂ ਗੁਰੂ ਸਾਹਿਬਾਨ ਨੇ ਸਮਾਜ ’ਚ ਸਤੀ ਪ੍ਰਥਾ ਵਰਗੀਆਂ ਕੁਰੀਤੀਆਂ ਦਾ ਵਿਰੋਧ ਕਰਦਿਆਂ ਔਰਤਾਂ ਨੂੰ ਬਰਾਬਰ ਦਾ ਸਨਮਾਨ ਦੇਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਉਦੇਸ਼ ਔਰਤਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨਾ ਅਤੇ ਉਨ੍ਹਾਂ ਦੇ ਮਾਣ-ਸਨਮਾਨ ਨੂੰ ਹੋਰ ਮਜ਼ਬੂਤੀ ਦੇਣਾ ਹੈ।
ਇਸ ਯੋਜਨਾ ਦੀ ਸ਼ੁਰੂਆਤ 1 ਜੁਲਾਈ 2026 ਨੂੰ ਕੀਤੀ ਗਈ ਸੀ। ਇਸ ਤਹਿਤ ਆਮ ਵਰਗ ਦੀਆਂ ਯੋਗ ਔਰਤਾਂ ਨੂੰ ਪ੍ਰਤੀ ਮਹੀਨਾ ਇਕ ਹਜ਼ਾਰ ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਯੋਗ ਔਰਤਾਂ ਨੂੰ 1500 ਰੁਪਏ ਮਾਸਿਕ ਸਨਮਾਨ ਰਾਸ਼ੀ ਦੇਣ ਦੀ ਵਿਵਸਥਾ ਹੈ। ਪਹਿਲੀ ਕਿਸ਼ਤ ਵਜੋਂ ਤਿੰਨ ਮਹੀਨਿਆਂ ਦੀ ਰਕਮ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਸਿੱਧੀ ਭੇਜੀ ਗਈ ਸੀ ਤੇ ਅੱਜ ਮੁੜ ਅਕਤੂਬਰ, ਨਵੰਬਰ ਅਤੇ ਦਸੰਬਰ ਮਹੀਨੇ ਦੀ ਰਾਸ਼ੀ ਲਈ ਟੂੰ ਟੂੰ ਹੋ ਜਾਵੇਗੀ।
