Punjab Cabinet Meeting: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਵੱਖ-ਵੱਖ ਫ਼ੈਸਲਿਆਂ ’ਤੇ ਮੋਹਰ ਲਾਈ ਗਈ ਹੈ। ਇਸ ਦੌਰਾਨ ਪੰਜਾਬ ਸਰਕਾਰ ਨੇ ਪਠਾਨਕੋਟ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਦਾ ਫ਼ੈਸਲਾ ਕੀਤਾ ਹੈ। ਪੰਜਾਬ ਮੰਤਰੀ ਮੰਡਲ ਨੇ ਅੱਜ ‘ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ (ਆਰ ਡੀ ਏ) ਬਿੱਲ 2026’ ਨੂੰ ਹਰੀ ਝੰਡੀ ਦੇ ਦਿੱਤੀ ਹੈ। ਸੂਬਾ ਸਰਕਾਰ ਵੱਲੋਂ ਰਣਜੀਤ ਸਾਗਰ ਡੈਮ ਅਤੇ ਸਾਹਪੁਰ ਕੰਡੀ ਡੈਮ ਦੇ ਆਲੇ-ਦੁਆਲੇ ਖੇਤਰਾਂ ਦਾ ਯੋਜਨਾਬੱਧ ਢੰਗ ਨਾਲ ਵਿਕਾਸ ਕੀਤਾ ਜਾ ਸਕੇਗਾ। ਮੰਤਰੀ ਮੰਡਲ ਨੇ ਪੰਜਾਬ ਦੇ ਮੁੱਖ ਚੋਣ ਦਫ਼ਤਰ ’ਚ ਨਵੀਆਂ ਭਰਤੀਆਂ, ਪੰਜਾਬ ਨਰਸਿੰਗ ਐਜੂਕੇਸ਼ਨ ਸਰਵਿਸ ਰੂਲਜ਼ ਵਿੱਚ ਸੋਧ ਅਤੇ ਪਿਕਟਸ ਅਧੀਨ ਠੇਕੇ ’ਤੇ ਕੰਮ ਕਰਦੇ ਨਾਨ-ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਵੀ ਪ੍ਰਵਾਨਗੀ ਦੇ ਦਿੱਤੀ ਹੈ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੰਤਰੀ ਮੰਡਲ ਦੀ ਮੀਟਿੰਗ ਮਗਰੋਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਠਾਨਕੋਟ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ। ਇਸ ਨਾਲ ਪੰਜਾਬ ਵੀ ਦੁਨੀਆ ਭਰ ਦੇ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣੇਗਾ, ਜਿਸ ਨੂੰ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਦੀ ਦੇਖ-ਰੇਖ ਹੇਠ ਵਿਕਸਤ ਕੀਤਾ ਜਾਵੇਗਾ। ਇਸ ਅਥਾਰਟੀ ਦੇ ਚੇਅਰਮੈਨ ਮੁੱਖ ਮੰਤਰੀ ਹੋਣਗੇ, ਜਦੋਂਕਿ ਵਾਈਸ ਚੇਅਰਮੈਨ ਲਈ ਸੈਰ-ਸਪਾਟਾ ਵਿਭਾਗ ਦੇ ਮੰਤਰੀ ਨੂੰ ਨਿਯੁਕਤ ਕੀਤਾ ਜਾਵੇਗਾ। ਮੁੱਖ ਸਕੱਤਰ ਦੀ ਅਗਵਾਈ ਵਾਲੀ ਕਾਰਜਕਾਰੀ ਕਮੇਟੀ ਇਸ ਦੇ ਕੰਮ-ਕਾਜ ਅਤੇ ਅੰਤਰ-ਵਿਭਾਗੀ ਤਾਲਮੇਲ ਦੀ ਦੇਖ-ਰੇਖ ਕਰੇਗੀ।
