ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ (ਸੀਐੱਮਡੀ) ਦਾ ਅਹੁਦਾ ਸੰਭਾਲਣ ਤੋਂ ਬਾਅਦ ਗੁਰਕਿਰਤ ਕਿਰਪਾਲ ਸਿੰਘ ਨੇ ਦੱਸਿਆ ਕਿ ਸਰਕਾਰੀ ਵਿਭਾਗਾਂ ਵੱਲੋਂ ਬਕਾਇਆ ਚੱਲ ਰਹੇ 2500 ਕਰੋੜ ਰੁਪਏ ਤੋਂ ਵੱਧ ਦੇ ਬਿਜਲੀ ਬਿੱਲਾਂ ਦੀ ਵਸੂਲੀ ਲਈ ਯਤਨ ਤੇਜ਼ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ, ਉਨ੍ਹਾਂ ਕਿਹਾ ਕਿ ਸੂਬੇ ਵਿੱਚ ਬਿਜਲੀ ਦੀ ਵਧਦੀ ਮੰਗ ਨੂੰ ਪੂਰਾ ਕਰਨ ਅਤੇ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਟਰਾਂਸਮਿਸ਼ਨ (ਬਿਜਲੀ ਸੰਚਾਰਨ) ਸਮਰੱਥਾ ਨੂੰ ਵਧਾਉਣ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ।
ਅਹੁਦਾ ਸੰਭਾਲਣ ਤੋਂ ਬਾਅਦ ਆਪਣੇ ਪਹਿਲੇ ਰਸਮੀ ਗੱਲਬਾਤ ਦੌਰਾਨ ਗੁਰਕਿਰਤ ਕਿਰਪਾਲ ਸਿੰਘ ਨੇ ਸਪੱਸ਼ਟ ਕੀਤਾ ਕਿ ਸਿਰਫ਼ ਬਿਜਲੀ ਉਤਪਾਦਨ ਵਧਾਉਣ ’ਤੇ ਹੀ ਧਿਆਨ ਕੇਂਦਰਿਤ ਕਰਨ ਦੀ ਬਜਾਏ ਪੀਐੱਸਪੀਸੀਐੱਲ ਟਰਾਂਸਮਿਸ਼ਨ ਨੈੱਟਵਰਕ ਨੂੰ ਮਜ਼ਬੂਤ ਕਰੇਗੀ, ਜੋ ਕਿ ਗਰਿਡ ਦੀ ਸਥਿਰਤਾ ਅਤੇ ਮੌਜੂਦਾ ਬਿਜਲੀ ਦੀ ਸੁਚੱਜੀ ਵੰਡ ਲਈ ਬਹੁਤ ਜ਼ਰੂਰੀ ਹੈ।
