ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਪੰਜਾਬ ਵਿਧਾਨ ਸਭਾ ਵਿੱਚ 260,437 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਉਨ੍ਹਾਂ ਕਿਹਾ, “ਇਹ ਬਜਟ ਮਾਵਾਂ ਅਤੇ ਧੀਆਂ ਨੂੰ ਸਮਰਪਿਤ ਹੈ। ਮੈਂ ਇਸ ਬਜਟ ਨੂੰ ਗਰੰਟੀ ਨੂੰ ਪੂਰਾ ਕਰਨ ਵਾਲਾ ਬਜਟ ਕਹਿੰਦਾ ਹਾਂ।” ਵਿੱਤ ਮੰਤਰੀ ਚੀਮਾ ਨੇ ਕਿਹਾ, “2026-27 ਵਿੱਚ ਸਿੱਖਿਆ ਲਈ ₹19,279 ਕਰੋੜ ਦਾ ਬਜਟ ਅਲਾਟ ਕੀਤਾ ਗਿਆ ਹੈ, ਜੋ ਕਿ ਪਿਛਲੇ ਸਾਲ ਨਾਲੋਂ 7% ਵੱਧ ਹੈ।”
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ- ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦਾ ਮੰਨਣਾ ਹੈ ਕਿ ਨਾਰੀ ਦੀ ਤਰੱਕੀ ਨਾਲ ਹੀ ਦੇਸ਼ ਤਰੱਕੀ ਕਰ ਸਕਦਾ ਹੈ। “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਦੇ ਆਗਾਜ਼ ਦਾ ਐਲਾਨ ਕਰਦਾ ਹਾਂ। ਇਸ ਯੋਜਨਾ ਤਹਿਤ ਭਗਵੰਤ ਮਾਨ ਸਰਕਾਰ ਸਾਰੀਆਂ ਬਾਲਗ ਔਰਤਾਂ ਨੂੰ 1,000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਸਿੱਧੇ ਤੌਰ ‘ਤੇ ਬੈਂਕ ਖਾਤਿਆਂ ਵਿਚ ਟ੍ਰਾਂਸਫ਼ਰ ਕਰੇਗੀ।
ਇਹ ਯੋਜਨਾ ਨਾ ਸਿਰਫ਼ ਭਾਰਤ ਦੀ, ਸਗੋਂ ਦੁਨੀਆ ਦੀ ਪਹਿਲੀ ‘ਸਰਵ-ਵਿਆਪਕ ਕੈਸ਼ ਟ੍ਰਾਂਸਫਰ’ ਸਕੀਮ ਹੋਵੇਗੀ। ਪੰਜਾਬ ਦੀ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਇਸ ਸਕੀਮ ਅਧੀਨ ਰਜਿਸਟ੍ਰੇਸ਼ਨ ਲਈ ਯੋਗ ਹੋਵੇਗੀ: ਸਿਰਫ਼ ਮੌਜੂਦਾ ਜਾਂ ਸਾਬਕਾ ਸਥਾਈ ਸਰਕਾਰੀ ਕਰਮਚਾਰੀਆਂ, ਮੌਜੂਦਾ ਅਤੇ ਸਾਬਕਾ ਸੰਸਦ ਮੈਂਬਰਾਂ/ਵਿਧਾਇਕਾਂ ਅਤੇ ਇਨਕਮ ਟੈਕਸ ਭਰਨ ਵਾਲਿਆਂ ਨੂੰ ਹੀ ਇਸ ਘੇਰੇ ਤੋਂ ਬਾਹਰ ਰੱਖਿਆ ਗਿਆ ਹੈ। ਉਹ ਔਰਤਾਂ ਵੀ ਇਸ ਸਕੀਮ ਲਈ ਯੋਗ ਹੋਣਗੀਆਂ ਜੋ ਪਹਿਲਾਂ ਹੀ ਮੌਜੂਦਾ ਸਮਾਜਿਕ ਸੁਰੱਖਿਆ ਪੈਨਸ਼ਨ ਸਕੀਮਾਂ ਜਿਵੇਂ ਬੁਢਾਪਾ ਪੈਨਸ਼ਨ, ਵਿਧਵਾ/ਬੇਸਹਾਰਾ ਮਹਿਲਾ ਪੈਨਸ਼ਨ ਜਾਂ ਅਪੰਗਤਾ ਪੈਨਸ਼ਨ ਸਕੀਮ ਆਦਿ ਦਾ ਲਾਭ ਲੈ ਰਹੀਆਂ ਹਨ।
ਪੰਜਾਬ ਦੀਆਂ ਲਗਭਗ 97% ਬਾਲਗ ਔਰਤਾਂ ਇਸ ਸਕੀਮ ਅਧੀਨ ਯੋਗ ਹੋਣਗੀਆਂ ਜੋ ਭਾਰਤ ਦੇ ਕਿਸੇ ਵੀ ਰਾਜ ਨਾਲੋਂ ਵੱਧ ਹੈ। ਇਸ ਇਤਿਹਾਸਕ ਪਹਿਲਕਦਮੀ ਦਾ ਮੂਲ ਉਦੇਸ਼ ਔਰਤਾਂ ਨੂੰ ਆਰਥਿਕ ਤੌਰ ‘ਤੇ ਆਤਮ-ਨਿਰਭਰ ਬਣਾਉਣਾ, ਘਰੇਲੂ ਫੈਸਲਿਆਂ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਮਜ਼ਬੂਤ ਕਰਨਾ ਅਤੇ ਉਨ੍ਹਾਂ ਦੀ ਸਿਹਤ ਤੇ ਪੋਸ਼ਣ ਦੇ ਮਿਆਰ ਵਿੱਚ ਸੁਧਾਰ ਲਿਆਉਣਾ ਹੈ ਤਾਂ ਜੋ ਸਾਡੀਆਂ ਧੀਆਂ ਨਿਰੰਤਰ ਵਿੱਦਿਆ ਹਾਸਲ ਕਰਕੇ ਆਪਣੀਆਂ ਉੱਚੀਆਂ ਉਮੰਗਾਂ ਨੂੰ ਹਕੀਕਤ ਵਿੱਚ ਬਦਲ ਸਕਣਾ। ਇਹ ਸਾਡੇ ਇਸ ਵਿਸ਼ਵਾਸ ਦੀ ਪੁਸ਼ਟੀ ਕਰਦਾ ਹੈ ਕਿ ਸ਼ਕਤੀਕਰਨ ਪੰਜਾਬ ਭਰ ਦੀਆਂ ਔਰਤਾਂ ਲਈ ਪੁਖਤਾ ਵਿੱਤੀ ਸੁਰੱਖਿਆ ਅਤੇ ਵਧੇਰੇ ਮਾਣ-ਸਨਮਾਨ ਵਜੋਂ ਝਲਕਣਾ ਚਾਹੀਦਾ ਹੈ।
ਪੰਜਾਬ ਸਾਰੀਆਂ ਬਾਲਗ ਔਰਤਾਂ ਨੂੰ ਵਿੱਤੀ ਸਹਾਇਤਾ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਹੋਵੇਗਾ। ਹੁਣ ਉਨ੍ਹਾਂ ਨੂੰ ਆਪਣੇ ਨਿੱਜੀ ਖ਼ਰਚਿਆਂ ਲਈ ਕਿਸੇ ਅੱਗੇ ਹੱਥ ਅੱਡਣ ਦੀ ਲੋੜ ਨਹੀਂ ਪਵੇਗੀ। ਕਿਉਂਕਿ ਉਨ੍ਹਾਂ ਦਾ ਵੱਡਾ ਭਰਾ ਅਤੇ ਪੁੱਤਰ ਸਰਦਾਰ ਭਗਵੰਤ ਸਿੰਘ ਮਾਨ ਹਰ ਮਹੀਨੇ ਉਨ੍ਹਾਂ ਦੇ ਬੈਂਕ ਖਾਤੇ ਵਿੱਚ 1,000 ਤੋਂ 1,500 ਰੁਪਏ ਜਮ੍ਹਾਂ ਕਰਵਾਏਗਾ। ਇਸ ਨੂੰ ਪਾਰਦਰਸ਼ੀ ਅਤੇ ਸਮੇਂ-ਸਿਰ ਲਾਗੂ ਕਰਨ ਲਈ ਵਿੱਤੀ ਸਾਲ 2026-27 ਦੇ ਬਜਟ ਵਿੱਚ 9,300 ਕਰੋੜ ਰੁਪਏ ਦਾ ਵਿਸ਼ੇਸ਼ ਉਪਬੰਧ ਕੀਤਾ ਗਿਆ ਹੈ।
