
ਲਗਾਤਾਰ ਪੈ ਰਹੇ ਮੀਂਹ ਅਤੇ ਹੜ੍ਹਾਂ ਕਾਰਨ ਪੰਜਾਬ ਵਿੱਚ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ 1200 ਤੋਂ ਵੱਧ ਪਿੰਡ ਹੜ੍ਹਾਂ ਤੋਂ ਪ੍ਰਭਾਵਿਤ ਹਨ। ਹਾਲਾਤ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਪੂਰੇ ਸੂਬੇ ਨੂੰ ਆਫ਼ਤ ਪ੍ਰਭਾਵਿਤ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਹੁਣ ਸਕੂਲਾਂ ਅਤੇ ਕਾਲਜਾਂ ਦੀਆਂ ਛੁੱਟੀਆਂ ਵਧ ਦਿੱਤੀਆਂ ਗਈਆਂ ਹਨ।
ਵਿੱਦਿਅਕ ਅਦਾਰਿਆਂ ਵਿੱਚ ਛੁੱਟੀਆਂ ਦਾ ਐਲਾਨ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬੇ ਦੇ ਸਾਰੇ ਸਰਕਾਰੀ/ਏਡਿਡ /ਮਾਨਤਾ ਪ੍ਰਾਪਤ/ਪ੍ਰਾਈਵੇਟ ਸਕੂਲਾਂ/ ਕਾਲਜਾਂ/ਯੂਨੀਵਰਸਿਟੀਆਂ ਅਤੇ ਪੋਲੀਟੈਕਨੀਕਲ ਕਾਲਜਾਂ ਵਿੱਚ ਮਿਤੀ 7 ਸਤੰਬਰ 2025 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਸਭ ਨੂੰ ਬੇਨਤੀ ਹੈ ਕਿ ਸਥਾਨਕ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪੂਰੀ ਪਾਲਣਾ ਕਰੋ।
ਵੀਰਵਾਰ ਨੂੰ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਗੁਰਦਾਸਪੁਰ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦੇ ਨਾਲ ਮੌਜੂਦ ਰਹਿਣਗੇ। ਕੇਜਰੀਵਾਲ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਮਿਲਣਗੇ ਅਤੇ ਨੁਕਸਾਨ ਅਤੇ ਚੁਣੌਤੀਆਂ ਬਾਰੇ ਜਾਣਕਾਰੀ ਪ੍ਰਾਪਤ ਕਰਨਗੇ ਅਤੇ ਸਰਕਾਰ ਵੱਲੋਂ ਰਾਹਤ ਅਤੇ ਬਚਾਅ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣਗੇ। ਮੁੱਖ ਸਕੱਤਰ ਕੇਏਪੀ ਸਿਨਹਾ ਨੇ ਇਸ ਸਬੰਧ ਵਿੱਚ ਆਦੇਸ਼ ਜਾਰੀ ਕੀਤੇ ਹਨ। ਸਾਰੇ ਵਿਭਾਗਾਂ ਨੂੰ ਅਲਰਟ ‘ਤੇ ਰੱਖਿਆ ਗਿਆ ਹੈ। ਆਫ਼ਤ ਪ੍ਰਬੰਧਨ ਐਕਟ 2025 ਦੇ ਤਹਿਤ, ਸਾਰੇ ਜ਼ਿਲ੍ਹਾ ਮੈਜਿਸਟ੍ਰੇਟਾਂ ਅਤੇ ਵਿਭਾਗਾਂ ਨੂੰ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ।