
ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਖੁਫੀਆ ਏਜੰਸੀਆਂ ਦੇ ਸਹਿਯੋਗ ਨਾਲ ਇੱਕ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਪੰਡੋਰੀ ਪਿੰਡ ਦੇ ਮਲਕੀਤ ਸਿੰਘ ਨਾਮ ਦੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ DGP ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ।
ਇਸ ਨੌਜਵਾਨ ਦੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਦੀ ਹਮਾਇਤ ਪ੍ਰਾਪਤ ਖਾਲਿਸਤਾਨੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਸਬੰਧ ਹੋਣ ਦਾ ਪਤਾ ਲੱਗਿਆ ਹੈ। ਪੁਲਿਸ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗ੍ਰਨੇਡ, ਇੱਕ .30 ਬੋਰ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਹੁਣ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਤਾਂ ਜੋ ਇਸ ਸਾਜ਼ਿਸ਼ ਵਿੱਚ ਸ਼ਾਮਲ ਹੋਰ ਲੋਕਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾ ਸਕੇ।
ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮਲਕੀਤ ਸਿੰਘ ਦੇ ਯੂਕੇ ਸਥਿਤ ਗੈਂਗਸਟਰ ਧਰਮ ਸੰਧੂ ਨਾਲ ਸਿੱਧੇ ਸਬੰਧ ਹਨ। ਧਰਮ ਸੰਧੂ ਨੂੰ ਹਰਵਿੰਦਰ ਰਿੰਦਾ ਦਾ ਕਰੀਬੀ ਸਾਥੀ ਮੰਨਿਆ ਜਾਂਦਾ ਹੈ। ਰਿੰਦਾ ਲੰਬੇ ਸਮੇਂ ਤੋਂ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਸੰਗਠਨ ਨਾਲ ਜੁੜਿਆ ਹੋਇਆ ਹੈ ਅਤੇ ਪਾਕਿਸਤਾਨ ਦੀ ਆਈਐਸਆਈ ਦੇ ਸਮਰਥਨ ਨਾਲ ਉੱਥੇ ਸਰਗਰਮ ਹੈ।
ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਮਾਮਲੇ ਦੀ ਤੇਜ਼ੀ ਨਾਲ ਜਾਂਚ ਕੀਤੀ ਜਾ ਰਹੀ ਹੈ। ਮਲਕੀਤ ਸਿੰਘ ਤੋਂ ਪੁੱਛਗਿੱਛ ਦੇ ਆਧਾਰ ‘ਤੇ ਪੁਲਿਸ ਹੁਣ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਫਿਲਹਾਲ, ਇਸ ਘਟਨਾ ਤੋਂ ਬਾਅਦ ਪੁਲਿਸ ਨੇ ਐਫਆਈਆਰ ਦਰਜ ਕਰ ਲਈ ਹੈ। ਜਲਦੀ ਹੀ ਪੁਲਿਸ ਇਸ ਸਬੰਧੀ ਇੱਕ ਪ੍ਰੈਸ ਕਾਨਫਰੰਸ ਵੀ ਕਰੇਗੀ।