
ਪੰਜਾਬੀ ਫਿਲਮ ਇੰਡਸਟਰੀ ਦੇ ਦਿੱਗਜ ਅਦਾਕਾਰ ਅਤੇ ਕਾਮੇਡੀਅਨ ਜਸਵਿੰਦਰ ਭੱਲਾ ਦਾ ਅੱਜ ਸਵੇਰੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। 65 ਸਾਲ ਦੀ ਉਮਰ ਵਿੱਚ ਉਨ੍ਹਾਂ ਨੇ ਆਖਰੀ ਸਾਹ ਲਏ। ਆਪਣੇ ਬੇਮਿਸਾਲ ਕਾਮਿਕ ਅੰਦਾਜ਼ ਅਤੇ ਅਦਾਕਾਰੀ ਨਾਲ ਲੱਖਾਂ ਦਰਸ਼ਕਾਂ ਦੇ ਦਿਲ ਜਿੱਤਣ ਵਾਲੇ ਭੱਲਾ ਨੇ ਕੈਰੀ ਆਨ ਜੱਟਾ ਵਰਗੀਆਂ ਸੁਪਰਹਿੱਟ ਫਿਲਮਾਂ ਵਿੱਚ ਅਮਿੱਟ ਛਾਪ ਛੱਡੀ। ਉਨ੍ਹਾਂ ਦੇ ਦਿਹਾਂਤ ਨਾਲ ਪੰਜਾਬੀ ਸਿਨੇਮਾ ਨੇ ਇੱਕ ਅਨਮੋਲ ਸਿਤਾਰਾ ਗੁਆ ਦਿੱਤਾ ਹੈ, ਅਤੇ ਉਨ੍ਹਾਂ ਦੀਆਂ ਮਜ਼ੇਦਾਰ ਯਾਦਾਂ ਹਮੇਸ਼ਾ ਦਰਸ਼ਕਾਂ ਦੇ ਦਿਲਾਂ ਵਿੱਚ ਜ਼ਿੰਦਾ ਰਹਿਣਗੀਆਂ।

ਦੱਸਿਆ ਜਾ ਰਿਹਾ ਹੈ ਕਿ ਡਾ. ਜਸਵਿੰਦਰ ਭੱਲਾ ਨੂੰ ਇੱਕ ਰਾਤ ਪਹਿਲਾਂ (20 ਅਗਸਤ) ਦਿਮਾਗੀ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੀ ਸਿਹਤ ਬੀਤੀ ਰਾਤ ਤੋਂ ਬਹੁਤ ਖਰਾਬ ਸੀ। ਉਨ੍ਹਾਂ ਨੇ ਅੱਜ ਸਵੇਰੇ 4 ਵਜੇ ਦੇ ਕਰੀਬ ਆਖਰੀ ਸਾਹ ਲਿਆ। ਜਸਵਿੰਦਰ ਭੱਲਾ ਦਾ ਅੰਤਿਮ ਸੰਸਕਾਰ ਕੱਲ੍ਹ, ਸ਼ਨੀਵਾਰ ਦੁਪਹਿਰ 12 ਵਜੇ ਮੋਹਾਲੀ ਨੇੜੇ ਬਲੌਂਗੀ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਜਸਵਿੰਦਰ ਭੱਲਾ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਜਸਵਿੰਦਰ ਭੱਲਾ ਜੀ ਦੇ ਅਚਾਨਕ ਇਸ ਦੁਨੀਆਂ ਤੋਂ ਚਲੇ ਜਾਣਾ ਬੇਹੱਦ ਅਫ਼ਸੋਸਜਨਕ ਹੈ। ਛਣਕਾਟਿਆਂ ਦੀ ਛਣਕਾਰ ਬੰਦ ਹੋਣ ਤੇ ਮਨ ਉਦਾਸ ਹੈ। ਵਾਹਿਗੁਰੂ ਚਰਨਾਂ ਚ ਨਿਵਾਸ ਬਖਸ਼ਣ। ਚਾਚਾ ਚਤਰਾ ਹਮੇਸ਼ਾ ਸਾਡੇ ਦਿਲਾਂ ਚ ਵਸਦੇ ਰਹਿਣਗੇ।
ਤੁਹਾਨੂੰ ਦੱਸ ਦੇਈਏ ਕਿ ਜਸਵਿੰਦਰ ਭੱਲਾ ਦਾ ਜਨਮ 4 ਮਈ 1960 ਨੂੰ ਦੋਰਾਹਾ, ਲੁਧਿਆਣਾ ਵਿੱਚ ਹੋਇਆ ਸੀ। ਉਸਨੇ 1988 ਵਿੱਚ “ਛਣਕਟਾ 88” ਨਾਲ ਇੱਕ ਕਾਮੇਡੀਅਨ ਵਜੋਂ ਆਪਣਾ ਕਰੀਅਰ ਸ਼ੁਰੂ ਕੀਤਾ। ਇਸ ਤੋਂ ਬਾਅਦ, ਉਹ ਫਿਲਮ “ਦੁੱਲਾ ਭੱਟੀ” ਵਿੱਚ ਵੀ ਇੱਕ ਅਦਾਕਾਰ ਬਣੇ। ਜਸਵਿੰਦਰ ਭੱਲਾ, ਜੋ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਪ੍ਰੋਫੈਸਰ ਸਨ, ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਵਿੱਚ ਪ੍ਰੋਫੈਸਰ ਸਨ। ਉਹ ਪੀਏਯੂ ਦੇ ਬ੍ਰਾਂਡ ਅੰਬੈਸਡਰ ਵੀ ਬਣੇ ਅਤੇ ਆਪਣੇ ਕਾਰਜਕਾਲ ਦੌਰਾਨ, ਉਸਨੇ ਯੂਨੀਵਰਸਿਟੀ ਦੀਆਂ ਤਕਨੀਕਾਂ ਅਤੇ ਸਾਹਿਤ ਨੂੰ ਕਿਸਾਨਾਂ ਤੱਕ ਪਹੁੰਚਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਉਸਦਾ ਪੂਰਾ ਧਿਆਨ ਕਿਸਾਨ ਭਾਈਚਾਰੇ ਦੀ ਸੇਵਾ ਕਰਨ ਅਤੇ ਜਾਗਰੂਕਤਾ ਵਧਾਉਣ ‘ਤੇ ਸੀ।