ਚੰਡੀਗੜ੍ਹ: ਪੰਜਾਬ ਵਿੱਚ ਮਾਨਸੂਨ ਦੀ ਐਂਟਰੀ ਹੋਣ ਦੇ ਬਾਵਜੂਦ ਮੀਂਹ ਦੀ ਰਫ਼ਤਾਰ ਹੌਲੀ ਬਣੀ ਹੋਈ ਹੈ, ਜਿਸ ਕਾਰਨ ਲੋਕਾਂ ਨੂੰ ਹੁੰਮਸ ਅਤੇ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੰਗਲਵਾਰ ਨੂੰ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ 1.3 ਡਿਗਰੀ ਸੈਲਸੀਅਸ ਵਧ ਗਿਆ, ਜਦਕਿ ਫਰੀਦਕੋਟ ਵਿੱਚ ਸਭ ਤੋਂ ਵੱਧ 42.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਨੇ 8 ਅਤੇ 9 ਜੁਲਾਈ ਲਈ ਪੰਜਾਬ ਵਿੱਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ ਅਗਲੇ 48 ਘੰਟੇ ਮੌਸਮ ਦੇ ਲਿਹਾਜ਼ ਨਾਲ ਅਹਿਮ ਰਹਿਣਗੇ।
ਅੱਜ ਪੰਜਾਬ ਦੇ 21 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਮੋਹਾਲੀ ਵਿੱਚ ਕਿਤੇ-ਕਿਤੇ ਭਾਰੀ ਮੀਂਹ ਪੈ ਸਕਦਾ ਹੈ।
ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ ਅਤੇ ਪਟਿਆਲਾ ਵਿੱਚ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦਕਿ ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ ਅਤੇ ਬਠਿੰਡਾ ਵਿੱਚ ਵੀ ਕਿਤੇ-ਕਿਤੇ ਮੀਂਹ ਪੈ ਸਕਦਾ ਹੈ। ਇਸ ਦੌਰਾਨ ਅਸਮਾਨ ਵਿੱਚ ਬੱਦਲਵਾਈ ਬਣੀ ਰਹਿਣ ਦੀ ਸੰਭਾਵਨਾ ਹੈ।
ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਅਗਲੇ 48 ਘੰਟਿਆਂ ਦੌਰਾਨ ਅਨੁਮਾਨ ਅਨੁਸਾਰ ਮੀਂਹ ਪੈਂਦਾ ਹੈ ਤਾਂ ਤਾਪਮਾਨ ਵਿੱਚ ਗਿਰਾਵਟ ਆਵੇਗੀ ਅਤੇ ਲੋਕਾਂ ਨੂੰ ਹੁੰਮਸ ਵਾਲੀ ਗਰਮੀ ਤੋਂ ਰਾਹਤ ਮਿਲੇਗੀ। ਫਿਲਹਾਲ ਸੂਬੇ ਭਰ ਦੀਆਂ ਨਜ਼ਰਾਂ ਮੌਸਮ ਵਿਭਾਗ ਦੀ ਭਵਿੱਖਬਾਣੀ ‘ਤੇ ਟਿਕੀਆਂ ਹੋਈਆਂ ਹਨ।
