ਪੰਜਾਬ ਭਾਜਪਾ ਦੀ ਅਹਿਮ ਕਾਰਜਕਾਰਨੀ ਮੀਟਿੰਗ ਦੌਰਾਨ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਸੀਨੀਅਰ ਆਗੂਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਸੁਨੀਲ ਜਾਖੜ ਨੇ ਪੰਜਾਬ ਵਿੱਚ ਵਿਗੜਦੀ ਕਾਨੂੰਨ-ਵਿਵਸਥਾ, ਗੈਂਗਸਟਰਵਾਦ ਅਤੇ ਨਸ਼ਿਆਂ ਦੇ ਮੁੱਦੇ ‘ਤੇ ਭਗਵੰਤ ਮਾਨ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸੂਬੇ ਵਿੱਚ ਸਰਕਾਰ ਨਾਂ ਦੀ ਕੋਈ ਚੀਜ਼ ਨਜ਼ਰ ਨਹੀਂ ਆ ਰਹੀ। ਦੂਜੇ ਪਾਸੇ, ਮਾਨਸਾ ਵਿੱਚ ਐਂਟੀ-ਡਰੱਗ ਕਾਰਕੁਨ ਪਰਵਿੰਦਰ ਸਿੰਘ ਦੇ ਕਤਲ ਨੂੰ ਲੈ ਕੇ ਭਾਜਪਾ ਆਗੂ ਦਿਆਲ ਸਿੰਘ ਸੋਢੀ ਨੇ ਪੰਜਾਬ ਸਰਕਾਰ ‘ਤੇ ਅਵਿਸ਼ਵਾਸ ਪ੍ਰਗਟਾਉਂਦਿਆਂ ਇਸ ਮਾਮਲੇ ਦੀ ਸੀਬੀਆਈ (CBI) ਜਾਂਚ ਦੀ ਮੰਗ ਕੀਤੀ ਹੈ।
ਪੰਜਾਬ ਭਾਜਪਾ ਦੀ ਕਾਰਜਕਾਰਨੀ ਬੈਠਕ ਵਿੱਚ ਪਹੁੰਚੇ ਸੁਨੀਲ ਜਾਖੜ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਨੂੰ ਲੁਟੇਰਿਆਂ, ਭ੍ਰਿਸ਼ਟਾਚਾਰ, ਨਸ਼ੇ ਅਤੇ ਗੁੰਡਾਗਰਦੀ ਤੋਂ ਬਚਾਉਣ ਦੀ ਲੋੜ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਮੌਬੋਕਰੇਸੀ ਵਾਲਾ ਮਾਹੌਲ ਬਣ ਚੁੱਕਾ ਹੈ ਅਤੇ ਲੋਕ ਕਾਨੂੰਨ ਹੱਥ ਵਿੱਚ ਲੈਣ ਲਈ ਮਜਬੂਰ ਹੋ ਰਹੇ ਹਨ।
ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੱਦੀ ਗਈ ਰਿਵਿਊ ਮੀਟਿੰਗ ‘ਤੇ ਤੰਜ਼ ਕੱਸਦਿਆਂ ਸਵਾਲ ਚੁੱਕਿਆ ਕਿ ਜਿਸ ਡਰੱਗ ਇੰਸਪੈਕਟਰ ‘ਤੇ ਨਸ਼ਾ ਵਿਕਵਾਉਣ ਦੇ ਗੰਭੀਰ ਦੋਸ਼ ਲੱਗੇ ਸਨ ਅਤੇ ਕਰੋੜਾਂ ਦੀ ਨਕਦੀ ਤੇ ਸੋਨਾ ਬਰਾਮਦ ਹੋਇਆ ਸੀ, ਉਸ ਵਿਰੁੱਧ ਈਡੀ ਕਾਰਵਾਈ ਕਰਨ ਦੀ ਬਜਾਏ ਉਸ ਨੂੰ ਮੁੜ ਹੈੱਡ ਆਫਿਸ ਵਿੱਚ ਅਹਿਮ ਜ਼ਿੰਮੇਵਾਰੀ ਕਿਉਂ ਦਿੱਤੀ ਗਈ? ਉਨ੍ਹਾਂ ਮੰਡੀਆਂ ਵਿੱਚ ਰੁਲ ਰਹੀ ਕਿਸਾਨਾਂ ਦੀ ਝੋਨੇ ਦੀ ਫ਼ਸਲ ਨੂੰ ਲੈ ਕੇ ਵੀ ਸੂਬਾ ਸਰਕਾਰ ਦੇ ਪ੍ਰਬੰਧਾਂ ਦੀ ਨਾਕਾਮੀ ਤੇ ਸਖ਼ਤ ਨਿਸ਼ਾਨਾ ਸਾਧਿਆ।
