ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਹਲਕੇ ਦੇ ਘੋਗਰਾ ਵਿਖੇ ਲੋਕ ਮਿਲਣੀ ਵਿੱਚ ਵਿਰੋਧੀ ਧਿਰ ਉਤੇ ਸਿੱਧੇ ਤੌਰ ‘ਤੇ ਨਿਸ਼ਾਨਾ ਸਾਧਦੇ ਹੋਏ ਐਲਾਨ ਕੀਤਾ ਕਿ ਜਦੋਂ ਤੱਕ ਆਮ ਆਦਮੀ ਪਾਰਟੀ (ਆਪ) ਸੱਤਾ ਵਿੱਚ ਹੈ, ਔਰਤਾਂ ਨੂੰ ਉਨ੍ਹਾਂ ਦੀ ਸਨਮਾਨ ਰਾਸ਼ੀ ਅਤੇ ਸੂਬੇ ਵਿੱਚ ਮੁਫ਼ਤ ਬਿਜਲੀ ਮਿਲਦੀ ਰਹੇਗੀ।
ਇਸ ਮੌਕੇ ਉਨ੍ਹਾਂ ਨੇ ਸੰਕਲਪ ਲੈਂਦਿਆਂ ਕਿਹਾ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੇ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਥਾਈ ਤੌਰ ‘ਤੇ ਵਿਵਸਥਾ ਕਰ ਦਿੱਤੀ ਹੈ ਕਿਉਂਕਿ ਬੇਅਦਬੀ ਦੇ ਗੁਨਾਹਗਾਰ ਨੂੰ ਹੁਣ ਉਮਰ ਕੈਦ ਦੀ ਸਜ਼ਾ ਭੁਗਤਣੀ ਪਵੇਗੀ। ਉਨ੍ਹਾਂ ਕਿਹਾ ਕਿ ਜੇਕਰ ਵਿਰੋਧੀ ਧਿਰ ਦੀ ਨੀਅਤ ਸਾਫ ਹੁੰਦੀ ਤਾਂ ਬਹੁਤ ਪਹਿਲਾਂ ਬੇਅਦਬੀ ਦੀਆਂ ਘਟਨਾਵਾਂ ਦਾ ਵਾਪਰਨਾ ਬੰਦ ਹੋ ਸਕਦਾ ਸੀ।

ਪੰਜਾਬ ਨੂੰ ਨਸ਼ਿਆਂ ਵਿੱਚ ਡੋਬਣ ਲਈ ਅਕਾਲੀ ਦਲ ਅਤੇ ਸੂਬੇ ਨੂੰ ਬਦਨਾਮ ਕਰਨ ਲਈ ਹਰ ਰੋਜ਼ ਕੂੜ ਪ੍ਰਚਾਰ ਕਰਨ ਲਈ ਸਾਰੀਆਂ ਵਿਰੋਧੀ ਪਾਰਟੀਆਂ ‘ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਤੇ ਪਹਿਲਾਂ ਆਈਆਂ ਸਰਕਾਰਾਂ ਵਿੱਚ ਇੱਕੋ ਇੱਕ ਫ਼ਰਕ ਹੈ ਹੁਣ ਲੋਕਾਂ ਦਾ ਪੈਸਾ ਲੋਕਾਂ ਕੋਲ ਜਾਂਦਾ ਹੈ, ਪਹਿਲਾਂ ਵਾਂਗ ਲੀਡਰਾਂ ਦੀਆਂ ਜੇਬਾਂ ਵਿੱਚ ਨਹੀਂ ਜਾਂਦਾ।
ਲੋਕ ਮਿਲਣੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬੇ ਦੀ ਬੇਮਿਸਾਲ ਤਰੱਕੀ ਅਤੇ ਖੁਸ਼ਹਾਲੀ ਤੋਂ ਈਰਖਾ ਕਰਦੇ ਹੋਏ ਪੰਜਾਬ ਦੇ ਦੋਖੀ ਮੇਰੇ ਵਿਰੁੱਧ ਬਦਨੀਅਤ ਨਾਲ ਕੂੜ ਪ੍ਰਚਾਰ ਕਰ ਰਹੇ ਹਨ। ਇਹ ਤਾਕਤਾਂ ਜੋ ਸੂਬੇ ਦੇ ਵਿਕਾਸ ਅਤੇ ਇਸ ਦੇ ਲੋਕਾਂ ਦੀ ਖੁਸ਼ਹਾਲੀ ਦੀਆਂ ਦੁਸ਼ਮਣ ਹਨ, ਹੁਣ ਮੈਨੂੰ ਬੇਤੁੱਕੇ ਮੁੱਦਿਆਂ ‘ਤੇ ਬਦਨਾਮ ਕਰਨ ਲਈ ਨੀਵੇਂ ਪੱਧਰ ’ਤੇ ਡਿੱਗ ਚੁੱਕੀਆਂ ਹਨ। ਮੇਰਾ ਜੀਵਨ ਇੱਕ ਖੁੱਲ੍ਹੀ ਕਿਤਾਬ ਹੈ ਕਿਉਂਕਿ ਮੈਂ ਆਪਣਾ ਸਾਰਾ ਜੀਵਨ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਨੂੰ ਸਮਰਪਿਤ ਕੀਤਾ ਹੈ ਅਤੇ ਇਸ ਨੇਕ ਕੰਮ ਲਈ ਸਖ਼ਤ ਯਤਨ ਕਰ ਰਿਹਾ ਹਾਂ।”
ਵਿਧਾਨਕ ਕਾਰਵਾਈ ‘ਤੇ ਚਾਨਣਾ ਪਾਉਂਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਖੁਸ਼ਕਿਸਮਤ ਹਾਂ ਕਿ ਪ੍ਰਮਾਤਮਾ ਨੇ ਸਾਨੂੰ ਸਰਬਸੰਮਤੀ ਨਾਲ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਪਾਸ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ, ਜਿਸ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਸਖ਼ਤ ਸਜ਼ਾ ਨਿਰਧਾਰਤ ਕੀਤੀ ਗਈ ਹੈ। ਇਹ ਐਕਟ ਭਵਿੱਖ ਵਿੱਚ ਬੇਅਦਬੀ ਦੇ ਅੰਤ ਨੂੰ ਦਰਸਾਉਂਦਾ ਹੈ ਕਿਉਂਕਿ ਇਹ ਯਕੀਨੀ ਬਣਾਏਗਾ ਕਿ ਕੋਈ ਵੀ ਕਦੇ ਵੀ ਅਜਿਹੇ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਹੋਣ ਦੀ ਹਿੰਮਤ ਨਹੀਂ ਕਰੇਗਾ।”
ਉਨ੍ਹਾਂ ਅੱਗੇ ਕਿਹਾ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਘਿਨਾਉਣਾ ਜੁਰਮ ਸੂਬੇ ਵਿੱਚ ਸਖ਼ਤ ਘਾਲਣਾ ਘਾਲ ਕੇ ਹਾਸਲ ਕੀਤੀ ਸ਼ਾਂਤੀ, ਸਦਭਾਵਨਾ, ਭਾਈਚਾਰਾ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਡੂੰਘੀ ਸਾਜ਼ਿਸ਼ ਸੀ। ਇਹ ਐਕਟ ਇਹ ਯਕੀਨੀ ਬਣਾਏਗਾ ਕਿ ਇਸ ਨਾ-ਮੁਆਫੀਯੋਗ ਅਪਰਾਧ ਵਿੱਚ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਦੂਜਿਆਂ ਲਈ ਮਿਸਾਲ ਕਾਇਮ ਹੋਵੇਗੀ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਦੇ ਪਿਤਾ ਹਨ ਅਤੇ ਸੂਬਾ ਸਰਕਾਰ ਪਵਿੱਤਰ ਗ੍ਰੰਥ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਦੁਨੀਆ ਭਰ ਦੇ ਲੋਕ ਖੁਸ਼ ਹਨ ਅਤੇ ਮੈਨੂੰ ਰੋਜ਼ਾਨਾ ਉਨ੍ਹਾਂ ਲੋਕਾਂ ਦੇ ਕਈ ਫੋਨ ਆ ਰਹੇ ਹਨ ਜੋ ਇਸ ਇਤਿਹਾਸਕ ਐਕਟ ਲਈ ਮੇਰਾ ਧੰਨਵਾਦ ਕਰਦੇ ਹਨ।”
ਪ੍ਰਸ਼ਾਸਨ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੇ ਟੈਕਸ ਦਾ ਪੈਸਾ ਸੂਬੇ ਦਾ ਹੈ ਅਤੇ ਅਸੀਂ ਇਸਨੂੰ ਸਮਝਦਾਰੀ ਨਾਲ ਲੋਕਾਂ ਦੀ ਭਲਾਈ ‘ਤੇ ਖਰਚ ਕਰ ਰਹੇ ਹਾਂ। ਲੋਕਾਂ ਦਾ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਕੋਲ ਵਾਪਸ ਆ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ 90 ਫੀਸਦ ਘਰ-ਪਰਿਵਾਰਾਂ ਨੂੰ ਮੁਫ਼ਤ ਬਿਜਲੀ ਪ੍ਰਦਾਨ ਕੀਤੀ, ਭ੍ਰਿਸ਼ਟਾਚਾਰ ਤੋਂ ਬਿਨਾਂ ਨੌਜਵਾਨਾਂ ਨੂੰ 65,000 ਤੋਂ ਵੱਧ ਨੌਕਰੀਆਂ ਦਿੱਤੀਆਂ, ਮਜ਼ਬੂਤ ਸੜਕਾਂ ਬਣਾਈਆਂ, ਟੋਲ ਪਲਾਜ਼ੇ ਬੰਦ ਕੀਤੇ, ਜਿਸ ਨਾਲ ਰੋਜ਼ਾਨਾ 70 ਲੱਖ ਰੁਪਏ ਦੀ ਬੱਚਤ ਹੋਈ ਹੈ, ਅਤੇ ਉਸਾਰੂ ਬੁਨਿਆਦੀ ਢਾਂਚਾ ਉਸਾਰ ਰਹੇ ਹਾਂ। ਉਨ੍ਹਾਂ ਅੱਗੇ ਕਿਹਾ, ‘’ਜਿਸ ਸਮੇਂ ਅਸੀਂ ਸੱਤਾ ‘ਚ ਆਏ, ਉਸ ਸਮੇਂ ਸੂਬੇ ਵਿੱਚ ਸਿੰਚਾਈ ਦੇ ਉਦੇਸ਼ਾਂ ਲਈ ਸਿਰਫ਼ 22 ਫੀਸਦ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ।
ਸਮਾਜ ਸੁਧਾਰ ‘ਤੇ ਜ਼ੋਰ ਦਿੰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕੋਈ ਵੀ ਮੁਫ਼ਤ ਜਾਂ ਰਿਆਇਤ ਵਾਲੇ ਕਾਰਡ ਗਰੀਬੀ ਜਾਂ ਹੋਰ ਸਮਾਜਿਕ ਬੁਰਾਈਆਂ ਨੂੰ ਖਤਮ ਨਹੀਂ ਕਰ ਸਕਦੇ ਪਰ ਸਿੱਖਿਆ ਉਹ ਕੁੰਜੀ ਹੈ ਜੋ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਉਨ੍ਹਾਂ ਨੂੰ ਇਸ ਮਕੜਜਾਲ ਵਿੱਚੋਂ ਬਾਹਰ ਕੱਢ ਸਕਦੀ ਹੈ। ਸਿੱਖਿਆ ਉਹ ਰੌਸ਼ਨੀ ਹੈ ਜੋ ਹਨੇਰੇ ਨੂੰ ਦੂਰ ਕਰਕੇ ਦੁਨੀਆ ਨੂੰ ਰੌਸ਼ਨ ਕਰਦੀ ਹੈ ਅਤੇ ਇਸੇ ਲਈ ਅਸੀਂ ਇਸ ‘ਤੇ ਵਿਸ਼ੇਸ਼ ਜ਼ੋਰ ਦੇ ਰਹੇ ਹਾਂ।
ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ ਅਤੇ ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ। 30 ਲੱਖ ਤੋਂ ਵੱਧ ਲਾਭਪਾਤਰੀ ਪਹਿਲਾਂ ਹੀ ਸਿਹਤ ਕਾਰਡ ਬਣਵਾ ਚੁੱਕੇ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਇਸ ਯੋਜਨਾ ਤਹਿਤ ਹੁਣ ਤੱਕ 1.65 ਲੱਖ ਲੋਕਾਂ ਨੇ ਮੁਫ਼ਤ ਇਲਾਜ ਦੀ ਸਹੂਲਤ ਹਾਸਲ ਕੀਤੀ ਹੈ ਅਤੇ ਮੈਂ ਲੋਕਾਂ ਨੂੰ ਇਨ੍ਹਾਂ ਕਾਰਡਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਾ ਹਾਂ। ਉਨ੍ਹਾਂ ਅੱਗੇ ਕਿਹਾ, “ਸੂਬੇ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਝੋਨੇ ਦੇ ਸੀਜ਼ਨ ਦੌਰਾਨ ਖੇਤਾਂ ਲਈ ਟਿਊਬਵੈੱਲਾਂ ਨੂੰ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਦੀ ਸਪਲਾਈ ਦਿੱਤੀ ਗਈ ਹੈ। ਕਿਸਾਨਾਂ ਨੂੰ ਹੁਣ ਪਹਿਲੀ ਵਾਰ ਸਿੰਚਾਈ ਲਈ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਬਦਲ ਗਈ ਹੈ।”
ਮਹਿਲਾ ਸਸ਼ਕਤੀਕਰਨ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਾਵਨ ਧੀਆਂ ਸਤਿਕਾਰ ਯੋਜਨਾ ਤਹਿਤ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਅਤੇ 18 ਸਾਲ ਤੋਂ ਵੱਧ ਉਮਰ ਦੀਆਂ ਅਨੁਸੂਚਿਤ ਜਾਤੀ ਨਾਲ ਸਬੰਧਤ ਔਰਤਾਂ ਨੂੰ 1500 ਰੁਪਏ ਦਿੱਤੇ ਜਾ ਰਹੇ ਹਨ।” ਉਨ੍ਹਾਂ ਅੱਗੇ ਕਿਹਾ, “ਇਹ ਕੋਈ ਰਾਜਨੀਤਿਕ ਸਮਾਗਮ ਨਹੀਂ ਹੈ, ਸਗੋਂ ਲੋਕਾਂ ਨਾਲ ਗੱਲਬਾਤ ਦਾ ਇੱਕ ਜ਼ਰੀਆ ਹੈ। ਕਈ ਸਰਕਾਰਾਂ ਆਈਆਂ ਅਤੇ ਗਈਆਂ ਪਰ ਕਿਸੇ ਨੇ ਵੀ ਲੋਕਾਂ ਦੀ ਭਲਾਈ ਦੀ ਪਰਵਾਹ ਨਹੀਂ ਕੀਤੀ। ਇਨ੍ਹਾਂ ਪਾਰਟੀਆਂ ਨੇ ਆਪਣੇ ਮੁਫਾਦਾਂ ਲਈ ਕੋਝੀਆਂ ਖੇਡਾਂ ਖੇਡੀਆਂ ਅਤੇ ਰਾਜ ਦੀ ਦੌਲਤ ਲੁੱਟੀ, ਪਰ ਲੋਕਾਂ ਨੇ ਝਾੜੂ ਨੂੰ ਵੋਟ ਦਿੱਤੀ, ਜਿਸਨੇ ਸਕੂਲਾਂ, ਹਸਪਤਾਲਾਂ ਅਤੇ ਹੋਰ ਖੇਤਰਾਂ ਦੀ ਨੁਹਾਰ ਬਦਲ ਦਿੱਤੀ ਹੈ।”
