ਪੰਜਾਬ ਸਰਕਾਰ ਦੇ ਵਿਰੋਧ ਦੇ ਬਾਵਜੂਦ ਜਸਟਿਸ ਅਸ਼ਵਨੀ ਕੁਮਾਰ ਨੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁੱਕ ਲਈ। ਪੰਜਾਬ ਲੋਕ ਭਵਨ ਵਿੱਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ।
ਸਹੁੰ ਚੁੱਕ ਸਮਾਰੋਹ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਾਮਲ ਨਹੀਂ ਹੋਏ, ਜਦਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸਮਾਰੋਹ ਵਿੱਚ ਮੌਜੂਦ ਰਹੇ।
ਦੱਸਣਯੋਗ ਹੈ ਕਿ ਇਸ ਨਿਯੁਕਤੀ ਨੂੰ ਲੈ ਕੇ ਪੰਜਾਬ ਸਰਕਾਰ ਨੇ ਐਤਵਾਰ ਨੂੰ ਐਮਰਜੈਂਸੀ ਕੈਬਨਿਟ ਮੀਟਿੰਗ ਬੁਲਾਈ ਸੀ। ਕੈਬਨਿਟ ਨੇ ਮਤਾ ਪਾਸ ਕਰਦਿਆਂ ਮੰਗ ਕੀਤੀ ਸੀ ਕਿ ਪੰਜਾਬ ਸਰਕਾਰ ਦੀ ਸਹਿਮਤੀ ਮਿਲਣ ਤੱਕ ਨਵੇਂ ਚੀਫ਼ ਜਸਟਿਸ ਨੂੰ ਸਹੁੰ ਨਾ ਚੁਕਾਈ ਜਾਵੇ।
ਪੰਜਾਬ ਸਰਕਾਰ ਵੱਲੋਂ ਰਾਸ਼ਟਰਪਤੀ ਦ੍ਰੌਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਵੀ ਅਪੀਲ ਕੀਤੀ ਗਈ ਸੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ ਸੀ ਕਿ ਨਿਯੁਕਤੀ ਵਿੱਚ ਮਿਆਰੀ ਪ੍ਰਕਿਰਿਆ ਦੀ ਪਾਲਣਾ ਨਹੀਂ ਕੀਤੀ ਗਈ ਅਤੇ ਇਸ ਮਾਮਲੇ ਨੂੰ ਸੰਵੇਦਨਸ਼ੀਲ ਦੱਸਿਆ ਸੀ।
