ਪੰਜਾਬ ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਵਿਵਾਦ ਦਰਮਿਆਨ ਅੱਜ ਦਿੱਲੀ ਵਿੱਚ ਕਾਂਗਰਸ ਦੀ ਇੱਕ ਅਹਿਮ ਬੈਠਕ ਹੋਣ ਜਾ ਰਹੀ ਹੈ। ਇਸ ਮੀਟਿੰਗ ਦੀ ਅਗਵਾਈ ਸੋਨੀਆ ਗਾਂਧੀ ਕਰਨਗੇ ਅਤੇ ਇਸ ਵਿੱਚ ਪੰਜਾਬ ਦੇ ਸੱਤ ਸੰਸਦ ਮੈਂਬਰਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।
ਸੂਤਰਾਂ ਅਨੁਸਾਰ, ਪੰਜਾਬ ਕਾਂਗਰਸ ਵਿੱਚ ਬਣੇ ਹਾਲਾਤਾਂ ਅਤੇ ਅੰਦਰੂਨੀ ਮਤਭੇਦਾਂ ‘ਤੇ ਇਸ ਬੈਠਕ ਦੌਰਾਨ ਚਰਚਾ ਹੋ ਸਕਦੀ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਇਸ ਮੀਟਿੰਗ ਵਿੱਚ ਇਕੱਠੇ ਨਜ਼ਰ ਆ ਸਕਦੇ ਹਨ।
ਬੈਠਕ ਵਿੱਚ ਰਾਜਾ ਵੜਿੰਗ ਅਤੇ ਚਰਨਜੀਤ ਸਿੰਘ ਚੰਨੀ ਤੋਂ ਇਲਾਵਾ ਸੁਖਜਿੰਦਰ ਸਿੰਘ ਰੰਧਾਵਾ, ਗੁਰਜੀਤ ਸਿੰਘ ਔਜਲਾ, ਡਾ. ਧਰਮਵੀਰ ਗਾਂਧੀ ਅਤੇ ਅਮਰਜੀਤ ਸਿੰਘ ਸਮੇਤ ਹੋਰ ਸੰਸਦ ਮੈਂਬਰ ਵੀ ਸ਼ਾਮਲ ਹੋ ਸਕਦੇ ਹਨ।
ਇਸ ਤੋਂ ਪਹਿਲਾਂ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਕਾਂਗਰਸ ਦੇ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਨਾਲ ਮੁਲਾਕਾਤ ਕਰ ਸਕਦੇ ਹਨ, ਜਿਸ ਦੌਰਾਨ ਉਹ ਪੰਜਾਬ ਕਾਂਗਰਸ ਵਿੱਚ ਚੱਲ ਰਹੇ ਵਿਵਾਦ ਸਬੰਧੀ ਆਪਣਾ ਪੱਖ ਰੱਖਣਗੇ।
ਹਾਲਾਂਕਿ ਕਾਂਗਰਸ ਦੇ ਆਗੂ ਲਗਾਤਾਰ ਇਹ ਦਾਅਵਾ ਕਰ ਰਹੇ ਹਨ ਕਿ ਪਾਰਟੀ ਵਿੱਚ ਸਭ ਕੁਝ ਠੀਕ ਹੈ, ਪਰ ਹਾਲੀਆ ਘਟਨਾਕ੍ਰਮ ਅੰਦਰੂਨੀ ਖਿੱਚਤਾਣ ਵੱਲ ਇਸ਼ਾਰਾ ਕਰ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਹਾਈਕਮਾਨ ਇਸ ਵਿਵਾਦ ਨੂੰ ਸੁਲਝਾਉਣ ਲਈ ਸਰਗਰਮ ਹੈ ਅਤੇ ਅੱਜ ਦੀ ਮੀਟਿੰਗ ਨੂੰ ਇਸੇ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਵਜੋਂ ਦੇਖਿਆ ਜਾ ਰਿਹਾ ਹੈ।
